ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਸ੍ਰੀ ਅੰਮ੍ਰਿਤਸਰ, 4 ਸਤੰਬਰ- ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਈ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਦੌਰਾਨ ਵਿਰੋਧ ਕੀਤਾ ਸੀ।
ਮੀਰੀ ਪੀਰੀ ਖ਼ਾਲਸਾ ਮਾਰਚ ਦੀ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੋਪੜ ਵਿਖੇ ਸ਼ੁਰੂਆਤ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਰਚ ਦੌਰਾਨ ਹੁਣ ਤੱਕ ਦੇ ਸਫ਼ਰ ਵਿੱਚ ਇਹ ਸਾਹਮਣੇ ਆਇਆ ਹੈ ਕਿ ਪੰਜਾਬ ਅੰਦਰ ਨਸ਼ਾ ਇੱਕ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹਰ ਪਿੰਡ ਵਿੱਚੋਂ 10 ਤੋਂ 15 ਨੌਜਵਾਨ ਇਸ ਦੇ ਸ਼ਿਕਾਰ ਹੋਏ ਹਨ ਅਤੇ ਖਾਸਕਰ ਚਿੱਟੇ ਦੀ ਵਿਕਰੀ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨੱਕ ਥੱਲੇ ਵਿਕ ਰਿਹਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨੇ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਇਆ, ਜੋ ਉਸ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਾਲਾ ਝੰਡਾ ਦਿਖਾਉਣਾ ਕੋਈ ਅਪਰਾਧ ਨਹੀਂ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਥਾਨਕ ਡੀਐੱਸਪੀ ਹਰਵਿੰਦਰ ਸਿੰਘ ਖੈਰਾ ਸਿੱਖ ਨੌਜਵਾਨ ਨੂੰ ਝੰਡਾ ਉਸ ਦੇ ਗਲ ਵਿੱਚ ਪਾ ਕੇ ਧੂ ਕੇ ਲੈ ਕੇ ਗਿਆ ਅਤੇ ਬਾਅਦ ਵਿੱਚ ਉਸ ਉੱਤੇ ਗ਼ੈਰ-ਕਾਨੂੰਨੀ ਢੰਗ ਨਾਲ ਬਹੁਤ ਤਸ਼ੱਦਦ ਕੀਤਾ ਗਿਆ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਕਪਤਾਨ ਨਾਲ ਵੀ ਗੱਲ ਕੀਤੀ ਹੈ।
ਉਨ੍ਹਾਂ ਮੰਗ ਕੀਤੀ ਕਿ ਸਿੱਖ ਨੌਜਵਾਨ ਉੱਤੇ ਤਸ਼ੱਦਦ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਡੀਐੱਸਪੀ ਅਤੇ ਥਾਣਾ ਮੁਖੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨੌਜਵਾਨ ਵੱਲੋਂ ਦੱਸੇ ਮੁਤਾਬਕ ਪੁਲਿਸ ਨੇ ਤਾਰਾਂ ਵਾਲਾ ਬੁਰਸ਼ ਉਸ ਦੇ ਲੱਕ ਵਿੱਚ ਮਾਰ ਕੇ ਉੱਤੇ ਲੂਣ ਪਾਇਆ, ਉਸ ਦੇ ਸਿਰ ਵਿੱਚ ਜੁੱਤੀਆਂ ਮਾਰੀਆਂ ਗਈਆਂ, ਦਾੜ੍ਹੇ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਸ ਦਾ ਕਛਹਿਰਾ ਉਤਾਰ ਕੇ ਪਾੜਿਆ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜਬਰ-ਜ਼ੁਲਮ ਕਰਨ ਦਾ ਪਰਚਾ ਦਰਜ ਨਾ ਕੀਤਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਸਿੱਖ ਨੌਜਵਾਨ ਦੇ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿੱਚ ਅਗਾਂਹ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਨੌਜਵਾਨ ਨੂੰ ਮਿਲਣ ਲਈ ਵੀ ਜਾਣਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਪੰਜਾਬ ਦੇ ਵਿੱਚ ਹੀ ਸਰਕਾਰ ਸਿੱਖਾਂ ਨਾਲ ਅਜਿਹਾ ਕਰੇਗੀ ਤਾਂ ਬਾਕੀ ਦੁਨੀਆ ਵਿੱਚ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਜ਼ਕਰੀਆ ਖਾਨ ਦੇ ਰਾਹ ਤੁਰਦੀ ਹੋਈ ਸਿੱਖ ਨੌਜਵਾਨਾਂ ਉੱਤੇ ਜ਼ੁਲਮ ਅਤੇ ਤਸ਼ੱਦਦ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਸਵਾਲ ਕੀਤਾ ਕਿ ਲੋਕਤੰਤਰ ਕਿੱਥੇ ਹੈ ਅਤੇ ਕੀ ਪੰਜਾਬ ਪੁਲਿਸ ਸੂਬਾ ਹੈ, ਜਿੱਥੇ ਸਰਕਾਰ ਨੇ ਪੁਲਿਸ ਨੂੰ ਅਖਤਿਆਰ ਦੇ ਦਿੱਤੇ ਹਨ ਕਿ ਪੁਲਿਸ ਜੋ ਚਾਹੇ ਕਰੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਨਸ਼ੇ ਦਾ ਵਿਰੋਧ ਕਰ ਰਿਹਾ ਸੀ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚੋਂ ਫੈਲੇ ਅੰਤਾਂ ਦੇ ਨਸ਼ੇ ਨੂੰ ਰੋਕਿਆ ਜਾਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਤੋਂ ਪੀੜਤ ਹੈ ਤਾਂ ਉਸ ਨੂੰ ਮਦਦ ਅਤੇ ਸਹਿਯੋਗ ਦੀ ਲੋੜ ਹੈ, ਨਾ ਕਿ ਉਸ ਨੂੰ ਸਮਾਜ ਵਿੱਚ ਅਲੱਗ-ਥਲੱਗ ਕਰ ਦਿੱਤਾ ਜਾਵੇ। ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਸ੍ਰੀ ਅਨੰਦਪੁਰ ਸਾਹਿਬ ਵੱਲ ਘਰ ਵਾਪਸੀ ਕਰਨ, ਕੇਸ ਰੱਖਣ, ਨਸ਼ੇ ਛੱਡਣ ਅਤੇ ਗੁਰੂ ਦੀ ਸਿੱਖੀ ਨਾਲ ਜੁੜਨ।
***
~ਜਸਕਰਨ ਸਿੰਘ
Posted By: Punjab Infoline Bureau