ਅਮਰਜੀਤ ਸਿੰਘ ਚਾਵਲਾ ਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਖ਼ਾਲਸਾ ਪੰਥ ’ਚੋਂ ਖਾਰਜ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਉੱਤੇ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਦਿੱਤਾ ਹੈ।
ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ।
ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ, ਉਹ ਪੰਥ ਵਿੱਚੋਂ ਖਾਰਜ ਮੰਨੇ ਜਾਣਗੇ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਹਾਜ਼ਰ ਸਨ।
Posted By: Punjab Infoline Bureau