ਪਰਵਿੰਦਰ ਝੋਟਾ ਮਾਮਲਾ: ਪੁਲਿਸ ਹਿਰਾਸਤ ’ਚ ਬੰਦ ਆਗੂਆਂ ਦੀ ਰਿਹਾਈ ਤੱਕ ਸਰਕਾਰ ਨਾਲ ਗੱਲਬਾਤ ਨਹੀਂ ਕਰੇਗੀ ਐਕਸ਼ਨ ਕਮੇਟੀ
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਦੌਰਾਨ ਐਕਸ਼ਨ ਕਮੇਟੀ ਨੇ 30 ਅਕਤੂਬਰ ਨੂੰ ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰਕ, ਵਿਦਿਆਰਥੀ ਅਤੇ ਅਧਿਆਪਕ ਜਥੇਬੰਦੀਆਂ ਸਮੇਤ ਹੋਰ ਸੰਘਰਸ਼ਸ਼ੀਲ ਧਿਰਾਂ ਦੀ ਹੰਗਾਮੀ ਮੀਟਿੰਗ ਸੱਦੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਆਪਣੇ ਅਤੇ ਜਥੇਬੰਦੀਆਂ ਦੇ ਆਗੂਆਂ ਦੀ ਰਿਹਾਈ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।
ਭਾਵੇਂ ਪੰਜਾਬ ਪੁਲਿਸ ਵੱਲੋਂ ਲੱਖਾ ਸਿਧਾਣਾ ਅਤੇ ਮੋਹਨਜੀਤ ਦਾ ਅਦਾਲਤ ਤੋਂ ਚਾਰ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਪਰ ਐਕਸ਼ਨ ਕਮੇਟੀ ਨੇ ਕਾਨੂੰਨੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਪੁਲਿਸ ਹਿਰਾਸਤ ਵਿੱਚ ਅਜੇ ਵੀ ਮੌਜੂਦ ਹੋਰ ਸਾਥੀਆਂ ਦੀ ਰਿਹਾਈ ਲਈ ਅੱਜ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਜੇਕਰ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਸੰਘਰਸ਼ ਨੂੰ ਅੱਗੇ ਵਧਾਉਣ ਲਈ ਜਥੇਬੰਦੀਆਂ ਦੀ ਮੀਟਿੰਗ
ਸਾਰੀਆਂ ਮੰਗਾਂ ਮਨਵਾਉਣ ਅਤੇ ਸਾਥੀਆਂ ਦੀ ਰਿਹਾਈ ਲਈ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਐਕਸ਼ਨ ਕਮੇਟੀ ਦੇ ਮੀਡੀਆ ਸਲਾਹਕਾਰ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਜਬਰ ਕਰ ਲਵੇ, ਪੰਜਾਬ ਦੇ ਲੋਕ ਹੁਣ ਨਸ਼ਿਆਂ ਵਿਰੁੱਧ ਲੜਾਈ ਜਾਰੀ ਰੱਖਣਗੇ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਂਝੇ ਸੰਘਰਸ਼ ਨੂੰ ਅੱਗੇ ਵਧਾਉਣ ਅਤੇ ਧਰਨਿਆਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਥੇਬੰਦੀਆਂ ਵਿਚਾਲੇ ਤਾਲਮੇਲ ਮਜ਼ਬੂਤ ਕਰਨ ਅਤੇ ਅਗਲੇ ਐਕਸ਼ਨ ਦੀ ਰੂਪ-ਰੇਖਾ ਤਿਆਰ ਕਰਨ ਬਾਰੇ ਵੀ ਚਰਚਾ ਹੋਵੇਗੀ।
ਆਗੂਆਂ ਦੀ ਰਿਹਾਈ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ
ਐਕਸ਼ਨ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਰਿਹਾਈ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ। ਆਗੂਆਂ ਨੇ ਸਾਥੀਆਂ ਦੀ ਰਿਹਾਈ ਨੂੰ ਗੱਲਬਾਤ ਦੀ ਮੁੱਢਲੀ ਸ਼ਰਤ ਦੱਸਦਿਆਂ ਕਿਹਾ ਕਿ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਕਮੇਟੀ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਹੋ ਕੇ ਆਉਣ ਵਾਲੇ ਸਾਰੇ ਸੰਘਰਸ਼ਸ਼ੀਲ ਆਗੂਆਂ ਦਾ ਮੰਚ ’ਤੇ ਸਨਮਾਨ ਕੀਤਾ ਜਾਵੇਗਾ। ਬੀਤੇ ਕੱਲ੍ਹ ਵਿਦਿਆਰਥੀ ਆਗੂ ਅਰਵਿੰਦਰ ਕੌਰ ਦੇ ਪੁਲਿਸ ਹਿਰਾਸਤ ਵਿੱਚੋਂ ਬਾਹਰ ਆਉਣ ਮਗਰੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਪਰਿਵਾਰ ਨਾਲ ਗੱਲਬਾਤ
ਉੱਧਰ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਸ਼ਿਕਾਰ ਹੋਏ ਦਲਜੀਤ ਸਿੰਘ ਭੰਮੇ ਕਲਾਂ ਦਾ ਪੋਸਟਮਾਰਟਮ ਏਮਜ਼ ਬਠਿੰਡਾ ਤੋਂ ਕਰਵਾਉਣ ਮਗਰੋਂ ਉਸ ਦੇ ਸਸਕਾਰ ਨੂੰ ਲੈ ਕੇ ਪਰਿਵਾਰ ਨਾਲ ਬੀਤੀ ਦੇਰ ਸ਼ਾਮ ਗੱਲਬਾਤ ਕੀਤੀ ਗਈ। ਇਸ ਮਾਮਲੇ ਦਾ ਅੱਜ ਕੋਈ ਹੱਲ ਨਿਕਲਣ ਦੀ ਉਮੀਦ ਹੈ।
ਇਸ ਦੌਰਾਨ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਤੀ ਦੇਰ ਸ਼ਾਮ ਦਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।