ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਸ਼ਹੀਦ ਦਾ ਦਰਜਾ
ਮਾਨਸਾ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨਾਲ ਮਿਲਣ ਲਈ ਮਾਨਸਾ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਅਤੇ ਭਾਈ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸੰਬੋਧਨ ਕੀਤਾ।
ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਨਮਿਤ ਅਰਦਾਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਕੋਲ ਜੀਵਨ ਬਤੀਤ ਕਰਨ ਦਾ ਰਸਤਾ ਸੀ, ਪਰ ਉਨ੍ਹਾਂ ਨੇ ਲੋਕਾਂ ਅਤੇ ਨੌਜਵਾਨਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।
ਕਈ ਧਾਰਮਿਕ ਅਤੇ ਸਿਆਸੀ ਆਗੂ ਰਹੇ ਮੌਜੂਦ
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।