ਦਿੱਲੀ ਬੇਅਦਬੀ ਮਾਮਲਾ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਤੇ ਦਿੱਲੀ ਕਮੇਟੀ ਮੈਂਬਰ ਤਲਬ
- ਰਾਸ਼ਟਰੀ
- (Asia/Kolkata)
Delhi Beadbi Case: ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਅਣਗਹਿਲੀ ਅਤੇ ਘਟਨਾ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਤਲਬ ਕੀਤਾ ਹੈ।
ਜਥੇਦਾਰ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਤੁਰੰਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਰਿਪੋਰਟ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਦਿੱਲੀ ਦੀ ਸਿੱਖ ਸੰਗਤ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸ਼ਿਕਾਇਤਾਂ ਪਹੁੰਚੀਆਂ ਹਨ।
21 ਨਵੰਬਰ ਨੂੰ ਲਿਖਤੀ ਸਪੱਸ਼ਟੀਕਰਨ ਨਾਲ ਪੇਸ਼ ਹੋਣ ਦੇ ਹੁਕਮ
ਪ੍ਰਾਪਤ ਰਿਪੋਰਟ ਅਤੇ ਸ਼ਿਕਾਇਤਾਂ ਮੁਤਾਬਕ, ਬੇਅਦਬੀ ਦੀ ਘਟਨਾ ਤੋਂ ਬਾਅਦ ਪ੍ਰਬੰਧਕਾਂ ਨੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਵਿੱਚ ਅਣਗਹਿਲੀ ਵਰਤੀ। ਇਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੂੰ ਤਲਬ ਕੀਤਾ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ ਵੀ 21 ਨਵੰਬਰ 2026 ਨੂੰ ਸਵੇਰੇ 11 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਨਾਲ ਲਿਆਉਣ ਲਈ ਕਿਹਾ ਗਿਆ ਹੈ।
ਬੇਅਦਬੀ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਤਾ ਲੱਗਣਾ ਚਾਹੀਦੈ: ਜਥੇਦਾਰ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਯੋਜਨਾਬੱਧ ਢੰਗ ਨਾਲ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਤਿਲਕ ਨਗਰ ਵਿੱਚ ਵਾਪਰੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮਨਸ਼ਾ ਅਤੇ ਇਸ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਤਾ ਲੱਗਣਾ ਚਾਹੀਦਾ ਹੈ।
ਉਨ੍ਹਾਂ ਨੇ ਦੇਸ਼-ਵਿਦੇਸ਼ ਦੇ ਸਾਰੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣੇ-ਆਪਣੇ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੁਰੱਖਿਆ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
15 ਨਵੰਬਰ ਨੂੰ ਹੋਈ ਸੀ ਬੇਅਦਬੀ, 17 ਨਵੰਬਰ ਨੂੰ ਮੁੜ ਦਿਖਿਆ ਮੁਲਜ਼ਮ
ਜਥੇਦਾਰ ਨੇ ਦੱਸਿਆ ਕਿ ਮੁਲਜ਼ਮ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਸੀ। ਉਨ੍ਹਾਂ ਮੁਤਾਬਕ ਪ੍ਰਬੰਧਕਾਂ ਨੇ 17 ਨਵੰਬਰ ਤੱਕ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਘਟਨਾ ਦੀ ਜਾਣਕਾਰੀ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਅਤੇ ਨਾ ਹੀ ਸੰਗਤ ਨਾਲ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ 17 ਨਵੰਬਰ ਨੂੰ ਜਦੋਂ ਉਹੀ ਵਿਅਕਤੀ ਦੁਬਾਰਾ ਗੁਰਦੁਆਰਾ ਸਾਹਿਬ ਦੇ ਨੇੜੇ ਘੁੰਮਦਾ ਦਿਖਾਈ ਦਿੱਤਾ ਤਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਇਆ। ਇਸ ਤੋਂ ਬਾਅਦ ਸੰਗਤ ਇਕੱਠੀ ਹੋ ਗਈ। ਜਥੇਦਾਰ ਨੇ ਕਿਹਾ ਕਿ ਭਾਵੇਂ ਮੁਲਜ਼ਮ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ, ਪਰ ਇਸ ਘਟਨਾ ਵਿੱਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਇਸੇ ਕਾਰਨ ਉਨ੍ਹਾਂ ਨੂੰ ਸਪੱਸ਼ਟੀਕਰਨ ਲਈ ਤਲਬ ਕੀਤਾ ਗਿਆ ਹੈ।