ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੀ ਸੇਵਾ ਸੰਭਾਲੀ। ਉਨ੍ਹਾਂ ਨੂੰ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕਰਵਾਈ ਗਈ ਅਤੇ ਪੰਜ ਪਿਆਰੇ ਸਾਹਿਬਾਨ ਨੇ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਉਨ੍ਹਾਂ ਦਾ ਸਨਮਾਨ ਕੀਤਾ।


ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸੰਭਾਲ ਸਮੇਂ ਪੰਥਕ ਸਥਿਤੀ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਥ ਵਿੱਚ ਹੋ ਰਹੀਆਂ ਧੜੇਬੰਦੀਆਂ ਅਤੇ ਵਿਚਾਰਧਾਰਕ ਵਖਰੇਵਿਆਂ ਨੇ ਸਿੱਖੀ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਗੁਰੂ ਤੇ ਵਿਸ਼ਵਾਸ ਰੱਖ ਕੇ ਮਿਲ ਬੈਠਣ ਦੀ ਲੋੜ ਹੈ ਤਾਂ ਜੋ ਸਮੱਸਿਆਵਾਂ ਦਾ ਹੱਲ ਨਿਕਲ ਸਕੇ।


ਉਨ੍ਹਾਂ ਨੇ ਰਾਜਨੀਤਕ ਹਾਲਾਤਾਂ ਬਾਰੇ ਵੀ ਆਪਣੀ ਰਾਏ ਪ੍ਰਗਟ ਕਰਦਿਆਂ ਕਿਹਾ ਕਿ “ਸਿੱਖ ਪੰਥ ਵੱਡੇ ਹਮਲਿਆਂ ਦਾ ਸ਼ਿਕਾਰ ਹੈ, ਕਾਲੇ ਕਾਨੂੰਨਾਂ ਅਤੇ UAPA-NSA ਵਰਗੀਆਂ ਧਾਰਾਵਾਂ ਹੇਠ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਪਾਇਆ ਜਾ ਰਿਹਾ ਹੈ। 1984 ਸਿੱਖ ਕਤਲੇਆਮ ਨੂੰ 40 ਸਾਲ ਹੋਣ ਬਾਵਜੂਦ ਇਨਸਾਫ਼ ਨਹੀਂ ਮਿਲਿਆ।”


ਸਮਾਜਿਕ ਹਾਲਾਤਾਂ ਨੂੰ ਚੁਣੌਤੀਮਈ ਦੱਸਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਧ ਰਹੇ ਵਪਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਮਾਰਗ ਤੋਂ ਭਟਕਾ ਦਿੱਤਾ ਹੈ। ਉਨ੍ਹਾਂ ਨੇ ਪੰਥਕ ਲੀਡਰਸ਼ਿਪ ਨੂੰ ਆਹਵਾਨ ਕੀਤਾ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਰੋਸ਼ਨੀ ਹੇਠ ਸਿੱਖੀ ਦੇ ਸੰਕਟ ਦਾ ਹੱਲ ਲੱਭਣ। ਉਨ੍ਹਾਂ ਨੇ ਤਖ਼ਤ ਸਾਹਿਬ ਦੀ ਸੇਵਾ ਨੂੰ ਗੁਰੂ ਪੰਥ ਦੀ ਅਗਵਾਈ ਵਜੋਂ ਸਮਝਦਿਆਂ, ਧਰਮ ਪ੍ਰਚਾਰ ਅਤੇ ਸਿੱਖ ਇਤਿਹਾਸ ਦੀਆਂ ਵਿਰਾਸਤਾਂ ਨੂੰ ਵਧਾਉਣ ਦਾ ਸੰਕਲਪ ਵੀ ਲਿਆ।


ਹੁਣੇ ਹੋਲੇ ਮਹੱਲੇ ਦੇ ਤਿਉਹਾਰ ਨਜ਼ਦੀਕ ਆ ਰਹੇ ਹਨ, ਜਿਸ ਨੂੰ ਲੈ ਕੇ ਉਨ੍ਹਾਂ ਨੇ ਪੰਥ ਨੂੰ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਗੁਰੂ ਪ੍ਰੇਮ ਵਿੱਚ ਭਿੱਜ ਕੇ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦੀ ਅਪੀਲ ਕੀਤੀ।


Posted By: Gurjeet Singh