ਆਪ’ ਆਗੂ ਸੁਖਵਿੰਦਰ ਸਿੰਘ ਗਾਗੂ ’ਤੇ ਗੋਲੀਬਾਰੀ, 50 ਲੱਖ ਦੀ ਫਿਰੌਤੀ ਮੰਗਣ ਤੋਂ ਬਾਅਦ ਹੋਇਆ ਹਮਲਾ; ਜਵਾਬੀ ਫਾਇਰਿੰਗ ’ਚ ਇੱਕ ਹਮਲਾਵਰ ਜ਼ਖ਼ਮੀ

ਆਪ’ ਆਗੂ ਸੁਖਵਿੰਦਰ ਸਿੰਘ ਗਾਗੂ ’ਤੇ ਗੋਲੀਬਾਰੀ, 50 ਲੱਖ ਦੀ ਫਿਰੌਤੀ ਮੰਗਣ ਤੋਂ ਬਾਅਦ ਹੋਇਆ ਹਮਲਾ; ਜਵਾਬੀ ਫਾਇਰਿੰਗ ’ਚ ਇੱਕ ਹਮਲਾਵਰ ਜ਼ਖ਼ਮੀ

ਪਟਿਆਲਾ ਦੇ ਭੀੜ-ਭੜੱਕੇ ਵਾਲੇ ਸਫਾਬਾਦੀ ਗੇਟ ਇਲਾਕੇ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੁਖਵਿੰਦਰ ਸਿੰਘ ਗਾਗੂ ’ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗਾਗੂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਗੋਲੀਬਾਰੀ ਦੌਰਾਨ ਉਨ੍ਹਾਂ ਦਾ ਸਾਥੀ ਕੁਲਬੀਰ ਸਿੰਘ ਪੈਰ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।

ਘਟਨਾ ਦੌਰਾਨ ਗਾਗੂ ਅਤੇ ਉਨ੍ਹਾਂ ਦੇ ਸਾਥੀ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ। ਇਸ ਦੌਰਾਨ ਇੱਕ ਹਮਲਾਵਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਹਾਲਾਂਕਿ, ਉਸ ਦੇ ਦੋਵੇਂ ਸਾਥੀ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਮੌਕੇ ਤੋਂ ਫਰਾਰ ਹੋ ਗਏ।

ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਹਮਲੇ ਪਿੱਛੇ ਗੈਂਗਸਟਰਾਂ ਦਾ ਹੱਥ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਹਮਲੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਖਵਿੰਦਰ ਸਿੰਘ ਗਾਗੂ ਨੂੰ ਇੱਕ ਵਿਦੇਸ਼ੀ ਫੋਨ ਨੰਬਰ ਤੋਂ ਕਾਲ ਆਈ ਸੀ। ਇਸ ਦੌਰਾਨ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਕਾਲ ਕਰਨ ਵਾਲੇ ਨੇ ਮੰਗ ਨਾ ਮੰਨਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਸੀ।

ਇਸ ਪਿਛੋਕੜ ਵਿੱਚ ਮੰਨਿਆ ਜਾ ਰਿਹਾ ਹੈ ਕਿ ਗਾਗੂ ’ਤੇ ਹੋਇਆ ਗੋਲੀਬਾਰੀ ਦਾ ਹਮਲਾ ਫਿਰੌਤੀ ਦੀ ਮੰਗ ਨਾਲ ਸਬੰਧਤ ਹੋ ਸਕਦਾ ਹੈ। ਪੁਲੀਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।