ਕਕਾਰ ਪਹਿਨਣ ਕਾਰਨ ਸਿੱਖ ਵਿਦਿਆਰਥਣ ਨੂੰ ਪ੍ਰੀਖਿਆ ਤੋਂ ਰੋਕਣਾ ਧਾਰਮਿਕ ਅਧਿਕਾਰਾਂ ਦੀ ਉਲੰਘਣਾ: ਧਾਮੀ
Himachal Sikh Student Exam Case: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਵਾਰੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਦੌਰਾਨ ਕਕਾਰ ਪਹਿਨਣ ਕਾਰਨ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਨੂੰ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ।
ਕਕਾਰ ਸਿੱਖ ਦੀ ਪਛਾਣ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਣ ਦਾ ਪ੍ਰਤੀਕ
ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ, ਜਿਨ੍ਹਾਂ ਨੂੰ ਸਿੱਖ ਕਦੇ ਵੀ ਆਪਣੇ ਸਰੀਰ ਤੋਂ ਵੱਖ ਨਹੀਂ ਕਰਦਾ। ਇਹ ਸਿਰਫ਼ ਧਾਰਮਿਕ ਚਿੰਨ੍ਹ ਹੀ ਨਹੀਂ, ਸਗੋਂ ਸਿੱਖ ਦੀ ਪਛਾਣ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਣ ਦਾ ਪ੍ਰਤੀਕ ਵੀ ਹਨ।
ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਦੀ ਆਜ਼ਾਦੀ ਦਿੰਦਾ ਹੈ। ਕਿਸੇ ਵੀ ਪ੍ਰੀਖਿਆ ਜਾਂ ਭਰਤੀ ਪ੍ਰਕਿਰਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕਰਨਾ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਸਿੱਖ ਵਿਦਿਆਰਥੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਭਵਿੱਖ ਨਾਲ ਵੀ ਖਿਲਵਾੜ ਹੁੰਦਾ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਵਿਦਿਆਰਥਣ ਨੂੰ ਮੁੜ ਪ੍ਰੀਖਿਆ ਦਾ ਮੌਕਾ ਦੇਣ ਦੀ ਮੰਗ
ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪ੍ਰਭਾਵਿਤ ਸਿੱਖ ਵਿਦਿਆਰਥਣ ਨੂੰ ਮੁੜ ਪ੍ਰੀਖਿਆ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਤਾਂ ਜੋ ਉਸ ਦੀ ਸਾਲਾਂ ਦੀ ਮਿਹਨਤ ਅਤੇ ਭਵਿੱਖ ਨਾਲ ਨਿਆਂ ਹੋ ਸਕੇ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਿੱਖ ਧਰਮ ਦੇ ਕਕਾਰਾਂ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਕਿਸੇ ਵੀ ਸਿੱਖ ਵਿਦਿਆਰਥੀ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।