Punjab Infoline

ਪੰਜਾਬੀ

Akali Dal: ਡਾ. ਨਿਸ਼ਾਨ ਸਿੰਘ ਹਾਕਮਵਾਲਾ ਦੀ ਮੁੜ ਸਰਗਰਮ ਸਿਆਸਤ ’ਚ ਵਾਪਸੀ, ਸੁਖਬੀਰ ਬਾਦਲ ਨੇ ਅਸਤੀਫ਼ਾ ਨਹੀਂ ਕੀਤਾ ਪ੍ਰਵਾਨ

18 Nov, 2026 03:40 PM

Akali Dal News: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਮੁੜ ਸਰਗਰਮ ਸਿਆਸਤ ਵਿੱਚ ਵਾਪਸੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ।

ਫ਼ੋਨ 'ਤੇ ਗੱਲਬਾਤ ਕਰਦਿਆਂ ਡਾ. ਨਿਸ਼ਾਨ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਪਾਰਟੀ ਪ੍ਰਧਾਨ ਨੇ ਉਨ੍ਹਾਂ ਨੂੰ ਆਪਣੇ ਵਿਧਾਨ ਸਭਾ ਹਲਕੇ ਵਿੱਚ ਮੁੜ ਸਰਗਰਮ ਹੋਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਉਹ ਅੱਜ ਤੋਂ ਹੀ ਪਾਰਟੀ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ। ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਕਹੇਗੀ ਤਾਂ ਉਹ ਜ਼ਰੂਰ ਚੋਣ ਲੜਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ।

ਡਾ. ਨਿਸ਼ਾਨ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਦੇ ਜੱਦੀ ਪਿੰਡ ਹਾਕਮਵਾਲਾ ਦੇ ਵਸਨੀਕ ਬਲਵਿੰਦਰ ਸਿੰਘ ਪਟਵਾਰੀ ਨੂੰ ਬੁਢਲਾਡਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ।

17 ਸਤੰਬਰ ਨੂੰ ਦਿੱਤਾ ਸੀ ਅਸਤੀਫ਼ਾ

ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਬੀਤੀ 17 ਸਤੰਬਰ ਨੂੰ ਸਿਹਤ ਸਮੱਸਿਆਵਾਂ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਵਿੱਤੀ ਹਾਲਾਤ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਸਮੇਂ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਪਾਰਟੀ ਵਿੱਚ ਉਨ੍ਹਾਂ ਦਾ ਕਿਸੇ ਨਾਲ ਕੋਈ ਗਿਲਾ-ਸ਼ਿਕਵਾ ਨਹੀਂ ਹੈ, ਸਗੋਂ ਨਿੱਜੀ ਰੁਝੇਵਿਆਂ ਕਾਰਨ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਅਸਮਰੱਥ ਹਨ।

2017 ਅਤੇ 2022 ਦੀਆਂ ਚੋਣਾਂ ਲੜ ਚੁੱਕੇ ਹਨ ਡਾ. ਨਿਸ਼ਾਨ ਸਿੰਘ

ਪੇਸ਼ੇ ਵਜੋਂ ਪ੍ਰਾਈਵੇਟ ਡਾਕਟਰ ਡਾ. ਨਿਸ਼ਾਨ ਸਿੰਘ ਸਰਗਰਮ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਮਾਨਸਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ (SMO) ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਹ 2017 ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੁਢਲਾਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ।

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕੀਤੇ ਜਾਣ ਦਰਮਿਆਨ ਡਾ. ਨਿਸ਼ਾਨ ਸਿੰਘ ਦੀ ਇਹ ਵਾਪਸੀ ਅਹਿਮ ਮੰਨੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੁਢਲਾਡਾ ਵਿਧਾਨ ਸਭਾ ਹਲਕਾ ਬਠਿੰਡਾ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ, ਜਿੱਥੋਂ ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਸੰਸਦ ਮੈਂਬਰ ਹਨ।

Latest News