ਜਗਤਾਰ ਸਿੰਘ ਹਵਾਰਾ ਦੀ ਪੰਜਾਬ ਤਬਦੀਲੀ ਦਾ ਆਈਬੀ ਨੇ ਕੀਤਾ ਵਿਰੋਧ, ਸੁਪਰੀਮ ਕੋਰਟ ’ਚ ਰਿਪੋਰਟ ਪੇਸ਼
- ਪੰਜਾਬ
- (Asia/Kolkata)
Jagtar Hawara Punjab Transfer: ਖੁਫ਼ੀਆ ਬਿਊਰੋ (IB) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਏਜੰਸੀ ਨੇ ਹਵਾਰਾ ਨੂੰ ਉੱਚ ਜੋਖ਼ਮ ਵਾਲੇ ਕੈਦੀਆਂ ਦੀ ਸ਼੍ਰੇਣੀ ਵਿੱਚ ਰੱਖਦਿਆਂ ਪੰਜਾਬ ਤਬਦੀਲ ਕਰਨ ਦਾ ਵਿਰੋਧ ਕੀਤਾ ਹੈ।
ਸੁਪਰੀਮ ਕੋਰਟ ਦੇ ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪੀ. ਬੀ. ਵਰਾਲੇ ਦੇ ਬੈਂਚ ਨੇ ਖੁਫ਼ੀਆ ਏਜੰਸੀ ਦੀ ਰਿਪੋਰਟ ਨੂੰ ਬੇਹੱਦ ਗੰਭੀਰ ਦੱਸਿਆ। ਇਸ ਦੌਰਾਨ ਸੀਨੀਅਰ ਵਕੀਲ ਐੱਸ. ਮੁਰਲੀਧਰ ਨੇ ਕਿਹਾ ਕਿ ਜੇਕਰ ਚੋਣਾਂ ਨੂੰ ਲੈ ਕੇ ਕੋਈ ਚਿੰਤਾ ਹੈ ਤਾਂ ਮਾਮਲੇ ਦੀ ਸੁਣਵਾਈ ਤਿੰਨ ਮਹੀਨਿਆਂ ਬਾਅਦ ਕੀਤੀ ਜਾ ਸਕਦੀ ਹੈ। ਅਦਾਲਤ ਨੇ ਅਗਲੀ ਸੁਣਵਾਈ ਅਗਲੇ ਸਾਲ ਫਰਵਰੀ ਵਿੱਚ ਤੈਅ ਕੀਤੀ ਹੈ।
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ। ਹਵਾਰਾ ਨੇ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ।
ਹਵਾਰਾ ਦੇ ਫਰਾਰ ਹੋਣ ਅਤੇ ਸੁਰੱਖਿਆ ਨੂੰ ਲੈ ਕੇ ਖ਼ਦਸ਼ਾ
ਦਿੱਲੀ ਸਰਕਾਰ ਵੱਲੋਂ ਪੇਸ਼ ਹੋਈ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਹਵਾਰਾ ਪਹਿਲਾਂ ਜੇਲ੍ਹ ਵਿੱਚੋਂ ਫਰਾਰ ਹੋਣ ਦੀ ਘਟਨਾ ਵਿੱਚ ਸ਼ਾਮਲ ਰਿਹਾ ਹੈ। ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਸ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਬਾਅਦ ਵਿੱਚ ਉਮਰ ਕੈਦ ਵਿੱਚ ਬਦਲ ਦਿੱਤੀ ਗਈ ਸੀ।
ਐਸ਼ਵਰਿਆ ਭਾਟੀ ਨੇ ਦਲੀਲ ਦਿੱਤੀ ਕਿ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਉਸ ਦੇ ਫਰਾਰ ਹੋਣ ਦੀ ਸੰਭਾਵਨਾ ਵਧ ਸਕਦੀ ਹੈ। ਇਸ ਸਬੰਧ ਵਿੱਚ ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਉੱਚ ਜੋਖ਼ਮ ਵਾਲੇ ਕੈਦੀਆਂ ਨੂੰ ਇੱਕ ਜੇਲ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਬਾਰੇ ਜਾਰੀ ਸਲਾਹ ਦਾ ਹਵਾਲਾ ਦਿੱਤਾ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਵਾਰਾ ਦੀ ਤਬਦੀਲੀ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਵਾਰਾ ਨੂੰ ਚੰਡੀਗੜ੍ਹ ਦੀ ਜੇਲ੍ਹ ਵਿੱਚ ਸੁਰੰਗ ਪੁੱਟਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।
ਸੁਪਰੀਮ ਕੋਰਟ ਨੇ ਪਹਿਲਾਂ ਵੀ ਮੰਗੀ ਸੀ ਆਈਬੀ ਦੀ ਰਿਪੋਰਟ
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਜਗਤਾਰ ਸਿੰਘ ਹਵਾਰਾ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲੀ ਦੀ ਮੰਗ ਬਾਰੇ ਖੁਫ਼ੀਆ ਬਿਊਰੋ ਤੋਂ ਰਿਪੋਰਟ ਹਾਸਲ ਕਰੇ। ਹੁਣ ਆਈਬੀ ਨੇ ਆਪਣੀ ਰਿਪੋਰਟ ਵਿੱਚ ਇਸ ਤਬਦੀਲੀ ਦਾ ਵਿਰੋਧ ਕੀਤਾ ਹੈ ਅਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਫਰਵਰੀ ਵਿੱਚ ਰੱਖੀ ਹੈ।