DIG Bhullar Case: ਈਡੀ ਵੱਲੋਂ ਪੰਜਾਬ ਦੇ ਚਾਰ ਹੋਰ ਸੀਨੀਅਰ ਅਧਿਕਾਰੀਆਂ ਨੂੰ ਸੰਮਨ, ਦਸੰਬਰ ਦੇ ਪਹਿਲੇ ਹਫ਼ਤੇ ਪੇਸ਼ ਹੋਣ ਦੇ ਹੁਕਮ

DIG Bhullar Case: ਈਡੀ ਵੱਲੋਂ ਪੰਜਾਬ ਦੇ ਚਾਰ ਹੋਰ ਸੀਨੀਅਰ ਅਧਿਕਾਰੀਆਂ ਨੂੰ ਸੰਮਨ, ਦਸੰਬਰ ਦੇ ਪਹਿਲੇ ਹਫ਼ਤੇ ਪੇਸ਼ ਹੋਣ ਦੇ ਹੁਕਮ

DIG HS Bhullar Case: ਮੁਅੱਤਲ ਡੀਆਈਜੀ ਐੱਚਐੱਸ ਭੁੱਲਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਨੈੱਟਵਰਕ ਦੀ ਜਾਂਚ ਤਹਿਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਚਾਰ ਹੋਰ ਸੀਨੀਅਰ ਨੌਕਰਸ਼ਾਹਾਂ ਨੂੰ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ ਕ੍ਰਿਸ਼ਨ ਕੁਮਾਰ, ਰਾਮਵੀਰ, ਵਰੁਣ ਰੂਜ਼ਮ ਅਤੇ ਅਭਿਨਵ ਤ੍ਰਿਖਾ ਸ਼ਾਮਲ ਹਨ।

ਚਾਰੇ ਅਧਿਕਾਰੀਆਂ ਨੂੰ ਦਸੰਬਰ ਦੇ ਪਹਿਲੇ ਹਫ਼ਤੇ ਈਡੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਤੋਂ ਪਹਿਲਾਂ ਕੇਂਦਰੀ ਏਜੰਸੀ ਨੇ ਪ੍ਰਸ਼ਾਸਕੀ ਸਕੱਤਰ (ਸਿਹਤ) ਕੁਮਾਰ ਰਾਹੁਲ, ਪੀਸੀਐੱਸ ਅਧਿਕਾਰੀ ਆਨੰਦ ਸਾਗਰ ਸ਼ਰਮਾ, ਸੇਵਾਮੁਕਤ ਅਧਿਕਾਰੀਆਂ ਗੁਰਪ੍ਰੀਤ ਸਪਰਾ ਅਤੇ ਅਰੁਣ ਸੇਖੜੀ, ਫਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ (ਆਮ ਪ੍ਰਸ਼ਾਸਨ) ਨੀਰੂ ਕਤਿਆਲ ਗੁਪਤਾ ਨੂੰ ਵੀ ਸੰਮਨ ਭੇਜੇ ਸਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਵੀ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

ਕਥਿਤ ਮਨੀ ਲਾਂਡਰਿੰਗ ਨੈੱਟਵਰਕ ਦੀ ਜਾਂਚ

ਇਹ ਸੰਮਨ ਡੀਆਈਜੀ ਭੁੱਲਰ ਅਤੇ ਕਥਿਤ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨਾਲ ਜੁੜੇ ਮਾਮਲੇ ਵਿੱਚ ਈਡੀ ਵੱਲੋਂ ਕੀਤੀ ਜਾ ਰਹੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹਨ। ਦੋਵਾਂ ਨੂੰ ਪਿਛਲੇ ਸਾਲ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ।

ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ, "...ਡੀਆਈਜੀ ਭੁੱਲਰ ਮਾਮਲੇ ਵਿੱਚ ਮੁਲਜ਼ਮ ਸ਼ਾਰਦਾ (ਵਿਚੋਲਾ) ਪੰਜਾਬ ਸਰਕਾਰ ਦੇ ਇਨ੍ਹਾਂ ਅਧਿਕਾਰੀਆਂ ਤੋਂ ਅਣਉਚਿਤ ਲਾਭ ਲੈਣ ਵਿੱਚ ਸ਼ਾਮਲ ਪਾਇਆ ਗਿਆ ਸੀ, ਜੋ ਸੂਬਾ ਸਰਕਾਰ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਵੱਲ ਇਸ਼ਾਰਾ ਕਰਦਾ ਹੈ।"

ਇਸ ਮਾਮਲੇ ਵਿੱਚ ਕੇਂਦਰੀ ਏਜੰਸੀ ਵੱਲੋਂ ਲਗਭਗ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਭੇਜੇ ਜਾਣ ਦੀ ਉਮੀਦ ਹੈ।

16 ਅਕਤੂਬਰ 2025 ਨੂੰ ਹੋਈ ਸੀ ਗ੍ਰਿਫ਼ਤਾਰੀ

ਡੀਆਈਜੀ ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਨੂੰ ਸੀਬੀਆਈ ਨੇ 16 ਅਕਤੂਬਰ 2025 ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ਾਰਦਾ ਨੂੰ ਪਹਿਲਾਂ ਡੀਆਈਜੀ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸੇ ਦਿਨ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਸ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ। ਈਡੀ ਨੇ ਸ਼ਾਰਦਾ ਨੂੰ 18 ਸਤੰਬਰ 2026 ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਸੀ, ਜਦਕਿ ਭੁੱਲਰ ਦੀ ਗ੍ਰਿਫ਼ਤਾਰੀ 9 ਅਕਤੂਬਰ 2026 ਨੂੰ ਹੋਈ ਸੀ।

ਇਸ ਸੀਨੀਅਰ ਪੁਲੀਸ ਅਧਿਕਾਰੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਨੇ ਉਸ ਦੀ ਗ੍ਰਿਫ਼ਤਾਰੀ ਦੌਰਾਨ 7.37 ਕਰੋੜ ਰੁਪਏ ਨਕਦ ਅਤੇ 2.32 ਕਰੋੜ ਰੁਪਏ ਦੇ ਗਹਿਣੇ ਬਰਾਮਦ ਕੀਤੇ ਸਨ।

ਈਡੀ ਨੇ ਅਦਾਲਤ ਨੂੰ 26 ਲੱਖ ਰੁਪਏ ਦੀ ਨਕਦੀ ਆਰਜ਼ੀ ਤੌਰ ’ਤੇ ਜ਼ਬਤ (ਅਟੈਚ) ਕਰਨ ਬਾਰੇ ਵੀ ਸੂਚਿਤ ਕੀਤਾ ਹੈ। ਇਸ ਕਥਿਤ ਵੱਡੇ ਨੈੱਟਵਰਕ ਦੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਅਕਤੂਬਰ 2025 ਵਿੱਚ ਕਬਾੜ ਵਪਾਰੀ ਆਕਾਸ਼ ਬੱਤਾ ਨੇ ਭੁੱਲਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸਰਹਿੰਦ ਥਾਣੇ ਵਿੱਚ ਦਰਜ ਇੱਕ ਐੱਫਆਈਆਰ ਵਿੱਚ ਪੱਖ ਪੂਰਨ ਦੇ ਬਦਲੇ ਭੁੱਲਰ ਨੇ ਕ੍ਰਿਸ਼ਨੂ ਸ਼ਾਰਦਾ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਸੀ।