ਲੁਧਿਆਣਾ: ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ, ਡਰਾਈਵਰ ਹਿਰਾਸਤ ’ਚ
ਲੁਧਿਆਣਾ ਦੇ ਤਾਜਪੁਰ ਰੋਡ ’ਤੇ ਟਾਟਾ 407 ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ ਹੋ ਗਈ। ਮਹਿਲਾ ਆਪਣੇ ਪੁੱਤਰ ਨਾਲ ਹਸਪਤਾਲ ਤੋਂ ਦਵਾਈ ਲੈ ਕੇ ਵਾਪਸ ਪਰਤ ਰਹੀ ਸੀ। ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਟਰੱਕ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸ ਨੂੰ ਕਾਬੂ ਕਰ ਲਿਆ ਗਿਆ।
ਟਰੱਕ ਡਰਾਈਵਰ ਦਾ ਕਹਿਣਾ ਹੈ ਕਿ ਉਹ ਫੋਕਲ ਪੁਆਇੰਟ ਤੋਂ ਆ ਰਿਹਾ ਸੀ। ਇਸ ਦੌਰਾਨ ਮੋੜ ’ਤੇ ਅਚਾਨਕ ਕੋਈ ਵਾਹਨ ਸਾਹਮਣੇ ਆਉਣ ਕਾਰਨ ਉਸ ਨੇ ਟਰੱਕ ਮੋੜਿਆ, ਜਿਸ ਦੀ ਲਪੇਟ ਵਿੱਚ ਮੋਟਰਸਾਈਕਲ ਆ ਗਿਆ। ਦੂਜੇ ਪਾਸੇ, ਪੁਲਿਸ ਨੇ ਮਹਿਲਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਕਾਰਨ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮ੍ਰਿਤਕ ਦੇਹ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮ੍ਰਿਤਕ ਮਹਿਲਾ ਦੇ ਪੁੱਤਰ ਅਰਜੁਨ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਮੋਟਰਸਾਈਕਲ ’ਤੇ ਹਸਪਤਾਲ ਤੋਂ ਦਵਾਈ ਲੈ ਕੇ ਵਾਪਸ ਆ ਰਹੇ ਸਨ। ਉਸ ਨੇ ਦੱਸਿਆ ਕਿ ਇਸ ਦੌਰਾਨ ਸੜਕ ਦੇ ਇੱਕ ਪਾਸੇ ਤੋਂ ਵਾਹਨ ਆ ਰਿਹਾ ਸੀ ਅਤੇ ਟਰੱਕ ਡਰਾਈਵਰ ਨੇ ਅਚਾਨਕ ਕੱਟ ਮਾਰ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਅਰਜੁਨ ਮੁਤਾਬਕ ਟੱਕਰ ਮਾਰਨ ਤੋਂ ਬਾਅਦ ਟਰੱਕ ਡਰਾਈਵਰ ਪੁਲ ’ਤੇ ਚੜ੍ਹ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਪਰ ਉਨ੍ਹਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਫੜ ਲਿਆ।