ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ, ਪਿੰਡ ਨਸੀਬਪੁਰਾ ਵਿਖੇ ਨਸ਼ੇ ਦੇ ਸੇਵਨ ਲਈ ਵਰਤੀ ਜਾ ਰਹੀ ਇਮਾਰਤ ਢਾਹੀ
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੇਵਨ ਲਈ ਵਰਤੇ ਜਾਂਦੇ ਸਥਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬਠਿੰਡਾ ਪੁਲਿਸ ਵੱਲੋਂ ਇਲਾਕੇ ਵਿੱਚ ਜਾਂਚ ਮੁਹਿੰਮ ਚਲਾਈ ਗਈ ਅਤੇ ਨਸ਼ੇ ਦੇ ਸੇਵਨ ਲਈ ਵਰਤੇ ਜਾਂਦੇ ਸਥਾਨਾਂ ਦੀ ਪਛਾਣ ਕਰਕੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਲਵੰਡੀ ਸਾਬੋ ਸ੍ਰੀ ਜਸਜੋਤ ਸਿੰਘ ਨੇ ਦੱਸਿਆ ਕਿ ਪਿੰਡ ਨਸੀਬਪੁਰਾ ਦੇ ਵਿਚਕਾਰ ਸਥਿਤ ਇੱਕ ਇਮਾਰਤ ਨੂੰ ਕੁਝ ਵਿਅਕਤੀਆਂ ਵੱਲੋਂ ਨਸ਼ੇ ਦੇ ਸੇਵਨ ਲਈ ਵਰਤਿਆ ਜਾ ਰਿਹਾ ਸੀ। ਇਸ ਬਾਰੇ ਜਾਣਕਾਰੀ ਮਿਲਣ 'ਤੇ ਬਠਿੰਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਂਝੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਉਕਤ ਇਮਾਰਤ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਦੇ ਨਾਲ-ਨਾਲ ਨਸ਼ੇ ਦੇ ਸੇਵਨ ਲਈ ਥਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਰੁੱਧ ਵੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।