Punjab Infoline

ਪੰਜਾਬੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ ਵਿਖੇ ‘ਸੁਰੱਖਿਅਤ ਬਚਪਨ’ ਵਿਸ਼ੇ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

07 Nov, 2026 02:34 PM

ਤਲਵੰਡੀ ਸਾਬੋ, 07 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ ਵਿਖੇ ਸਕੂਲ ਇੰਚਾਰਜ ਸ. ਸਤਨਾਮ ਸਿੰਘ ਦੀ ਅਗਵਾਈ ਹੇਠ ਲੀਗਲ ਲਿਟਰੇਸੀ ਕਲੱਬ ਦੇ ਤਹਿਤ ‘ਸੁਰੱਖਿਅਤ ਬਚਪਨ’ ਵਿਸ਼ੇ ਸਬੰਧੀ ਸਵੇਰ ਦੀ ਸਭਾ ਦੌਰਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਦੇ ਨੋਡਲ ਅਧਿਆਪਕ ਸ੍ਰੀ ਮੋਤੀ ਰਾਮ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਸਰਗਰਮ ਸਮਾਜ ਸੇਵੀ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਮੈਂਬਰ ਸ੍ਰੀ ਰਾਕੇਸ਼ ਨਰੂਲਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਔਰਤਾਂ ਅਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵਿਸ਼ੇਸ਼ ਯੋਜਨਾਵਾਂ, ਲੋਕ ਅਦਾਲਤਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਵੱਖ-ਵੱਖ ਟੋਲ ਫਰੀ ਨੰਬਰਾਂ ਦੀ ਮਹੱਤਤਾ ਬਾਰੇ ਦੱਸਦਿਆਂ ਬੱਚਿਆਂ ਦੀ ਸੁਰੱਖਿਆ ਲਈ ਜਾਰੀ ਹੈਲਪਲਾਈਨ ਨੰਬਰ 1098 ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਨਰੂਲਾ ਨੇ ਵਿਦਿਆਰਥੀਆਂ ਨੂੰ ਹਰ ਸਮੇਂ ਸੁਚੇਤ ਅਤੇ ਜਾਗਰੂਕ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਅਧਿਕਾਰਾਂ ਅਤੇ ਕਾਨੂੰਨੀ ਸਹੂਲਤਾਂ ਬਾਰੇ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰੀਰ ਦਾਨ ਦੀ ਮਹੱਤਤਾ ਸਬੰਧੀ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਸ੍ਰੀ ਮੋਤੀ ਰਾਮ, ਨੋਡਲ ਅਧਿਆਪਕ, ਲੀਗਲ ਲਿਟਰੇਸੀ ਕਲੱਬ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਕੂਲ ਇੰਚਾਰਜ ਸ. ਸਤਨਾਮ ਸਿੰਘ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਹੈਲਪਲਾਈਨ ਅਤੇ ਟੋਲ ਫਰੀ ਨੰਬਰਾਂ ਦੀ ਮੁੜ ਜਾਣਕਾਰੀ ਵੀ ਦਿੱਤੀ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Latest News