ਕਿਸਾਨ ਅਨਾਜ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਉਣ ਨੂੰ ਯਕੀਨੀ ਬਣਾਉਣ: ਰਾਜੇਸ਼ ਤ੍ਰਿਪਾਠੀ

* ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗਸੰਗਰੂਰ, 7 ਅਕਤੂਬਰ (ਰਾਜ਼ੇਸ਼ ਬਾਂਸਲ):-ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਮੰਡੀਆਂ ਵਿੱਚ ਗਿੱਲਾ ਝੋਨਾ ਲਿਆਉਣ ਕਾਰਨ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਸੁਚੱਜੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਪ੍ਰਬੰਧਾਂ ਪੱਖੋਂ ਕਿਸੇ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਆੜ੍ਹਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ, ਮੰਡੀਆਂ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ 'ਚ ਇਸ ਸਬੰਧੀ ਵਿਆਪਕ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਉਹ ਅਨਾਜ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਉਣ ਨੂੰ ਯਕੀਨੀ ਬਣਾਉਣ । ਸ੍ਰੀ ਤ੍ਰਿਪਾਠੀ ਨੇ ਕਿਹਾ ਕਿ ਗਿੱਲਾ ਝੋਨਾ ਲਿਆਉਣ ਨਾਲ ਅਨਾਜ ਮੰਡੀਆਂ 'ਚ ਝੋਨੇ ਦੀ ਖਰੀਦ ਵਿੱਚ ਖੜੋਤ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਾਮ 7 ਵਜੇ ਤੋਂ ਲੈ ਕੇ ਅਗਲੀ ਸਵੇਰ 10 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਹੈ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਅਮਲ 'ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ ਦੇਰ ਰਾਤ ਤੱਕ ਚੱਲਦੀਆਂ ਹਨ ਅਤੇ ਰਾਤ ਸਮੇਂ ਕੱਟਿਆ ਗਿੱਲਾ ਅਤੇ ਹਰਾ ਝੋਨਾ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ ਅਤੇ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਲੱਗ ਜਾਂਦੇ ਹਨ। ਇਸ ਮੌਕੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਵੀਟੀ ਦੇਵਗਨ, ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਜਗਤਾਰ ਸਿੰਘ, ਕਨਵੀਨਰ ਨਾਜ਼ਰ ਸਿੰਘ ਬਡਰੁੱਖਾਂ, ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀ ਹਾਜ਼ਿਰ ਸਨ।