SGPC ਚੋਣਾਂ ਲਈ ਅੱਜ ਸੰਸਦ ਭਵਨ ਤੱਕ ਮਾਰਚ ਕਰੇਗਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
- ਪੰਜਾਬ
- (Asia/Kolkata)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅੱਜ 20 ਨਵੰਬਰ ਨੂੰ ਦਿੱਲੀ ਵਿੱਚ ਸੰਸਦ ਭਵਨ ਤੱਕ ਰੋਸ ਮਾਰਚ ਕੀਤਾ ਜਾਵੇਗਾ। ਜਥੇਬੰਦੀ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ SGPC ਚੋਣਾਂ ਵਿੱਚ ਹੋ ਰਹੀ ਦੇਰੀ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 20 ਨਵੰਬਰ ਨੂੰ ਦਿੱਲੀ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਉੱਥੋਂ ਸੰਸਦ ਭਵਨ ਤੱਕ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਂ ’ਤੇ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਸੰਸਥਾ ਨੂੰ ਜਿਉਂਦਾ ਰੱਖਣ ਲਈ ਚੋਣ ਪ੍ਰਕਿਰਿਆ ਬਹੁਤ ਜ਼ਰੂਰੀ ਹੁੰਦੀ ਹੈ।
ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋਵੇਗਾ ਮਾਰਚ
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਰੋਸ ਮਾਰਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 20 ਨਵੰਬਰ ਨੂੰ SGPC ਦੇ ਇਜਲਾਸ ਵਿੱਚ ਸ਼ਾਮਲ ਹੋਣ ਦੀ ਬਜਾਏ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।