Punjab Infoline

ਪੰਜਾਬੀ

ਅਜਨਾਲਾ ਦੇ ਪਿੰਡ ਸੁਲਤਾਨ ਮਾਲ ’ਚ ਨਸ਼ੇ ਦੀ ਓਵਰਡੋਜ਼ ਕਾਰਨ 17 ਸਾਲਾ ਨੌਜਵਾਨ ਦੀ ਮੌਤ

14 Oct, 2026 08:59 PM

ਅਜਨਾਲਾ ਪੰਜਾਬ ਵਿੱਚ ਨਸ਼ੇ ਕਾਰਨ ਇੱਕ ਹੋਰ ਪਰਿਵਾਰ ਨੂੰ ਦੁੱਖ ਦਾ ਸਾਹਮਣਾ ਕਰਨਾ ਪਿਆ ਹੈ। ਅਜਨਾਲਾ ਦੇ ਪਿੰਡ ਸੁਲਤਾਨ ਮਾਲ ਵਿੱਚ 17 ਸਾਲਾ ਪ੍ਰਭਜੋਤ ਸਿੰਘ ਪੁੱਤਰ ਮਹਿਲ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਿਤਾ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਪ੍ਰਭਜੋਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਿਤਾ ਮਹਿਲ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ, “ਅੱਜ ਮੇਰਾ ਪੁੱਤਰ ਦੁਨੀਆ ਤੋਂ ਚਲਾ ਗਿਆ ਹੈ। ਮੈਂ ਰੱਬ ਅੱਗੇ ਅਰਦਾਸ ਕਰਦਾ ਹਾਂ ਕਿ ਕੱਲ੍ਹ ਨੂੰ ਕਿਸੇ ਹੋਰ ਮਾਂ-ਪਿਓ ਦਾ ਪੁੱਤਰ ਨਸ਼ੇ ਦੀ ਭੇਟ ਨਾ ਚੜ੍ਹੇ। ਇਸ ਲਈ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ।”

ਪੁਲਿਸ ਅਤੇ ਸਰਕਾਰ ’ਤੇ ਲਾਏ ਦੋਸ਼

ਇਸ ਮੌਕੇ ਪ੍ਰਭਜੋਤ ਸਿੰਘ ਦੇ ਫੁੱਫੜ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਾ ਤਸਕਰੀ ਲਈ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਜ਼ਿੰਮੇਵਾਰ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕਥਿਤ ਢਿੱਲ ਕਾਰਨ ਨਸ਼ਾ ਤਸਕਰ ਖੁੱਲ੍ਹੇਆਮ ਨਸ਼ਾ ਵੇਚ ਰਹੇ ਹਨ।

ਕਿਸਾਨ ਯੂਨੀਅਨ ਵੱਲੋਂ ਇਨਸਾਫ਼ ਦਿਵਾਉਣ ਦਾ ਭਰੋਸਾ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਿਸਾਨ ਯੂਨੀਅਨ ਦੇ ਆਗੂ ਮੌਕੇ ’ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਕਿਸਾਨ ਯੂਨੀਅਨ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਾ ਤਸਕਰਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Latest News