Ludhiana Police Commissioner: ਸਤਿੰਦਰ ਸਿੰਘ ਨੇ ਸੰਭਾਲਿਆ 25ਵੇਂ ਪੁਲੀਸ ਕਮਿਸ਼ਨਰ ਵਜੋਂ ਅਹੁਦਾ, ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦਾ ਐਲਾਨ

Ludhiana Police Commissioner: ਸਤਿੰਦਰ ਸਿੰਘ ਨੇ ਸੰਭਾਲਿਆ 25ਵੇਂ ਪੁਲੀਸ ਕਮਿਸ਼ਨਰ ਵਜੋਂ ਅਹੁਦਾ, ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦਾ ਐਲਾਨ

ਲੁਧਿਆਣਾ: ਲੁਧਿਆਣਾ ਦੇ ਨਵ-ਨਿਯੁਕਤ ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਪੁਲੀਸ ਕਮਿਸ਼ਨਰੇਟ ਦਫ਼ਤਰ ਪਹੁੰਚਣ 'ਤੇ ਸੀਨੀਅਰ ਅਧਿਕਾਰੀਆਂ ਅਤੇ ਪੁਲੀਸ ਟੀਮ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੁਲੀਸ ਟੁਕੜੀ ਵੱਲੋਂ ਉਨ੍ਹਾਂ ਨੂੰ ਰਸਮੀ ਤੌਰ 'ਤੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। 2010 ਬੈਚ ਦੇ ਆਈਪੀਐੱਸ ਅਧਿਕਾਰੀ ਸਤਿੰਦਰ ਸਿੰਘ ਨੂੰ ਸਵਪਨ ਸ਼ਰਮਾ ਦੀ ਥਾਂ ਲੁਧਿਆਣਾ ਦਾ 25ਵਾਂ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਨਸ਼ਾ ਤਸਕਰਾਂ ਅਤੇ ਅਪਰਾਧੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਹਰ ਤਰ੍ਹਾਂ ਦੇ ਅਪਰਾਧ ਪ੍ਰਤੀ 'ਜ਼ੀਰੋ ਟਾਲਰੈਂਸ' (Zero Tolerance) ਦੀ ਨੀਤੀ ਅਪਣਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲੀਸ ਦੀ ਟੀਮ ਪਹਿਲਾਂ ਹੀ ਵਧੀਆ ਕੰਮ ਕਰ ਰਹੀ ਹੈ। ਹੁਣ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਸ਼ਹਿਰ ਨੂੰ ਨਸ਼ਿਆਂ ਤੇ ਅਪਰਾਧ ਤੋਂ ਮੁਕਤ ਕਰਨ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨਗੇ।

ਪੁਲੀਸ ਦਾ ਕੁਰਬਾਨੀਆਂ ਭਰਿਆ ਇਤਿਹਾਸ, ਲੋਕਾਂ ਦਾ ਭਰੋਸਾ ਜਿੱਤਾਂਗੇ

ਪੁਲੀਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਪੁਲੀਸ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਪੁਲੀਸ ਮੁਲਾਜ਼ਮਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸੂਬੇ ਵਿੱਚੋਂ ਅੱਤਵਾਦ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਪੁਲੀਸ ਫੋਰਸ ਆਪਣੀ ਡਿਊਟੀ ਤੋਂ ਪਿੱਛੇ ਨਹੀਂ ਹਟੇਗੀ।

ਉਨ੍ਹਾਂ ਕਿਹਾ ਕਿ ਵਿਭਾਗ ਕੋਲ ਤਜਰਬੇਕਾਰ ਅਧਿਕਾਰੀ ਅਤੇ ਸਮਰੱਥ ਮੁਲਾਜ਼ਮ ਹਨ। ਆਮ ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਸ਼ਹਿਰ ਦਾ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ ਅਤੇ ਪੁਲੀਸ ਪ੍ਰਤੀ ਆਪਣਾ ਭਰੋਸਾ ਬਣਾਈ ਰੱਖੇ।

ਜ਼ਮੀਨੀ ਪੱਧਰ 'ਤੇ ਨਤੀਜੇ ਦੇਣ 'ਤੇ ਰਹੇਗਾ ਜ਼ੋਰ

ਥਾਣਿਆਂ ਵਿੱਚ ਪੁਲੀਸ ਫੋਰਸ ਦੀ ਤਾਇਨਾਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਸਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ ਹੀ ਅਹੁਦਾ ਸੰਭਾਲਿਆ ਹੈ। ਇਸ ਲਈ ਉਹ ਪਹਿਲਾਂ ਮੌਜੂਦਾ ਪ੍ਰਣਾਲੀ ਨੂੰ ਬਾਰੀਕੀ ਨਾਲ ਸਮਝਣਗੇ। ਪੁਲੀਸ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਲਈ ਜਿੱਥੇ ਵੀ ਲੋੜ ਪਈ, ਉੱਥੇ ਜ਼ਰੂਰੀ ਕਦਮ ਚੁੱਕੇ ਜਾਣਗੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲੀਸ ਫੋਰਸ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਸਿਰਫ਼ ਭਰੋਸੇ ਦੇਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਠੋਸ ਨਤੀਜੇ ਦਿਖਾਉਣ ਲਈ ਯਤਨ ਕੀਤੇ ਜਾਣਗੇ।