Punjab Infoline

ਪੰਜਾਬੀ

ਪੰਜਾਬ ਆਸ਼ੀਰਵਾਦ ਸਕੀਮ ’ਚ ਕਰੋੜਾਂ ਦੇ ਘਪਲੇ ਦਾ ਸ਼ੱਕ, ਇੱਕੋ ਲਾਭਪਾਤਰੀ ਦੇ ਖਾਤੇ ’ਚ 13 ਵਾਰ ਰਾਸ਼ੀ ਟਰਾਂਸਫਰ

11 Nov, 2026 07:19 AM

ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਤਹਿਤ ਰਾਸ਼ੀ ਦੀ ਵੰਡ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕੋ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਕਈ ਵਾਰ ਰਾਸ਼ੀ ਟਰਾਂਸਫਰ ਹੋਣ ਦੀਆਂ ਐਂਟਰੀਆਂ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਪੜਤਾਲ ਵਿੱਚ ਪਿਛਲੇ ਤਿੰਨ ਵਰ੍ਹਿਆਂ ਦੌਰਾਨ ਇਸ ਸਕੀਮ ਵਿੱਚ ਗੜਬੜੀ ਹੋਣ ਦੇ ਮਾਮਲੇ ਸਾਹਮਣੇ ਆਏ ਹਨ।

ਇਸ ਮਾਮਲੇ ਦੀ ਮੁੱਢਲੀ ਜਾਂਚ ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਵੱਲੋਂ ਕੀਤੀ ਗਈ ਸੀ। ਜ਼ਿਲ੍ਹਾ ਤਰਨ ਤਾਰਨ ਦੇ ਨਵਦੀਪ ਸਿੰਘ ਪੱਟੀ ਨੇ ਇਸ ਕਥਿਤ ਘਪਲੇ ਸਬੰਧੀ ਪੰਜਾਬ ਸਰਕਾਰ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਮੁਹਾਲੀ ਨੇ ਸ਼ਿਕਾਇਤ ਨੰਬਰ 415/2026 ਦਰਜ ਕਰਕੇ ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਤੋਂ ਰਿਕਾਰਡ ਤਲਬ ਕੀਤਾ ਹੈ।

ਵਿਜੀਲੈਂਸ ਨੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਅੰਮ੍ਰਿਤਸਰ ਤੋਂ ਵੀ ਸਾਲ 2023 ਤੋਂ 2025 ਦੌਰਾਨ ਆਸ਼ੀਰਵਾਦ ਸਕੀਮ ਤਹਿਤ ਪ੍ਰਾਪਤ ਹੋਈਆਂ ਦਰਖ਼ਾਸਤਾਂ ਅਤੇ ਰਾਸ਼ੀ ਹਾਸਲ ਕਰਨ ਵਾਲੇ ਲਾਭਪਾਤਰੀਆਂ ਦਾ ਰਿਕਾਰਡ ਮੰਗਿਆ ਹੈ। ਇਸ ਸਮੇਂ ਦੌਰਾਨ ਅੰਮ੍ਰਿਤਸਰ ਵਿੱਚ ਤਾਇਨਾਤ ਰਹੇ ਜ਼ਿਲ੍ਹਾ ਭਲਾਈ ਅਫਸਰਾਂ ਦੀ ਭੂਮਿਕਾ ’ਤੇ ਵੀ ਸਵਾਲ ਉੱਠ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਨੂੰ ਉੱਚ ਅਹੁਦੇ ’ਤੇ ਵੀ ਨਿਯੁਕਤ ਕੀਤਾ ਗਿਆ ਹੈ।

ਇੱਕ ਲਾਭਪਾਤਰੀ ਦੇ ਖਾਤੇ ’ਚ 13 ਐਂਟਰੀਆਂ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਐੱਸਸੀ/ਬੀਸੀ ਵਰਗਾਂ ਸਮੇਤ ਗ਼ਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਸ਼ਿਕਾਇਤ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10 ਅਜਿਹੇ ਲਾਭਪਾਤਰੀਆਂ ਦੀ ਪਛਾਣ ਹੋਈ ਹੈ, ਜਿਨ੍ਹਾਂ ਦੇ ਖਾਤਿਆਂ ਵਿੱਚ ਇਸ ਸਕੀਮ ਤਹਿਤ ਵਾਰ-ਵਾਰ ਰਾਸ਼ੀ ਟਰਾਂਸਫਰ ਕੀਤੀ ਗਈ।

ਜੋਬਨਦੀਪ ਸਿੰਘ ਨਾਮ ਦੇ ਇੱਕ ਲਾਭਪਾਤਰੀ ਦੇ ਖਾਤੇ ਵਿੱਚ ਕੁੱਲ 13 ਐਂਟਰੀਆਂ ਦਰਜ ਹਨ। ਨਿਯਮਾਂ ਅਨੁਸਾਰ ਇੱਕ ਪਰਿਵਾਰ ਦੀਆਂ ਸਿਰਫ਼ ਦੋ ਧੀਆਂ ਨੂੰ ਹੀ ਇਸ ਸਕੀਮ ਦਾ ਲਾਭ ਮਿਲ ਸਕਦਾ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਇਸ ਲਾਭਪਾਤਰੀ ਦੇ ਖਾਤੇ ਵਿੱਚ 16 ਮਈ 2023 ਨੂੰ ਇੱਕੋ ਦਿਨ ਤਿੰਨ ਅਤੇ 21 ਅਗਸਤ 2023 ਨੂੰ ਛੇ ਐਂਟਰੀਆਂ ਹੋਈਆਂ।

ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਕੁੱਲ 57 ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਬਲਜਿੰਦਰ ਕੌਰ ਅਤੇ ਮਨਜਿੰਦਰ ਕੌਰ ਦੇ ਖਾਤਿਆਂ ਵਿੱਚ ਅੱਠ-ਅੱਠ ਐਂਟਰੀਆਂ, ਜਦਕਿ ਵਿਕਰਮਜੀਤ ਸਿੰਘ ਅਤੇ ਗੁਰਮੀਤ ਕੌਰ ਦੇ ਖਾਤਿਆਂ ਵਿੱਚ ਛੇ-ਛੇ ਐਂਟਰੀਆਂ ਦਿਖਾਈਆਂ ਗਈਆਂ ਹਨ।

ਸ਼ਿਕਾਇਤਕਰਤਾ ਨਵਦੀਪ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਵਿੱਚ ਕਾਰਵਾਈ ਸ਼ੁਰੂ ਕੀਤੀ ਗਈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅਜਿਹੀ ਗੜਬੜੀ ਪੂਰੇ ਪੰਜਾਬ ਵਿੱਚ ਹੋਣ ਦਾ ਖ਼ਦਸ਼ਾ ਹੈ। ਇਸ ਲਈ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੀ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਪੰਜ ਜ਼ਿਲ੍ਹਿਆਂ ਤੱਕ ਵਧਾਈ ਜਾਂਚ

ਵੇਰਵਿਆਂ ਅਨੁਸਾਰ ਵਿੱਤ ਵਿਭਾਗ ਦੇ ਵਧੀਕ ਡਾਇਰੈਕਟਰ (ਖ਼ਜ਼ਾਨਾ ਤੇ ਲੇਖਾ) ਨੇ ਇਸ ਮਾਮਲੇ ਸਬੰਧੀ 6 ਅਕਤੂਬਰ ਨੂੰ ਮੀਟਿੰਗ ਕੀਤੀ ਸੀ। ਇਸ ਵਿੱਚ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵੀ ਸੱਦਿਆ ਗਿਆ ਸੀ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਨੇ ਆਸ਼ੀਰਵਾਦ ਸਕੀਮ ਤਹਿਤ ਜਾਰੀ ਕੀਤੀ ਗਈ ਰਾਸ਼ੀ ਦੀ ਜਾਂਚ ਦਾ ਘੇਰਾ ਪੰਜ ਜ਼ਿਲ੍ਹਿਆਂ ਤੱਕ ਵਧਾ ਦਿੱਤਾ ਹੈ। ਇਸ ਲਈ ਮਾਨਸਾ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਫ਼ਾਜ਼ਿਲਕਾ ਵਿੱਚ ਲਾਭਪਾਤਰੀਆਂ ਦੀ ਜਾਂਚ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ। ਲਾਭਪਾਤਰੀਆਂ ਨੂੰ ਰਾਸ਼ੀ ਜਾਰੀ ਕਰਨ ਲਈ ਸੂਬਾ ਪੱਧਰ ’ਤੇ ਭੁਗਤਾਨ ਪੋਰਟਲ ਬਣਾਇਆ ਹੋਇਆ ਹੈ।

62 ਮਾਮਲਿਆਂ ਵਿੱਚ ਗ਼ਲਤ ਅਦਾਇਗੀ ਹੋਈ: ਵਿਭਾਗ

ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਦੀ ਡਾਇਰੈਕਟਰ ਵਿੰਮੀ ਭੁੱਲਰ ਨੇ ਦੱਸਿਆ ਕਿ ਵਿਭਾਗ ਨੇ ਆਪਣੇ ਪੱਧਰ ’ਤੇ ਇਸ ਮਾਮਲੇ ਦੀ ਜਾਂਚ ਕਰਵਾਈ ਹੈ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ 62 ਮਾਮਲਿਆਂ ਵਿੱਚ ਗ਼ਲਤ ਅਦਾਇਗੀ ਹੋਣ ਦੀ ਗੱਲ ਸਾਹਮਣੇ ਆਈ ਹੈ।

ਉਨ੍ਹਾਂ ਕਿਹਾ ਕਿ ਪੰਜ ਹੋਰ ਜ਼ਿਲ੍ਹਿਆਂ ਵਿੱਚ ਵੀ ਮਾਮਲਿਆਂ ਦੀ ਜਾਂਚ ਕੀਤੀ ਗਈ ਹੈ, ਪਰ ਉੱਥੇ ਕੋਈ ਵੱਡੀ ਕੁਤਾਹੀ ਸਾਹਮਣੇ ਨਹੀਂ ਆਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਇਸ ਸਕੀਮ ਦਾ ਆਡਿਟ ਕਰਵਾਇਆ ਜਾਵੇਗਾ।

ਡਾਇਰੈਕਟਰ ਅਨੁਸਾਰ ਇਸ ਗੜਬੜੀ ਲਈ ਹੇਠਲੇ ਪੱਧਰ ਦੇ ਮੁਲਾਜ਼ਮ ਜ਼ਿੰਮੇਵਾਰ ਹਨ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੀਮ ਦਾ ਗ਼ਲਤ ਲਾਭ ਲੈਣ ਵਾਲੇ ਲਾਭਪਾਤਰੀਆਂ ਤੋਂ ਰਾਸ਼ੀ ਦੀ ਵਸੂਲੀ ਵੀ ਕੀਤੀ ਜਾ ਰਹੀ ਹੈ।

ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ: ਮੰਤਰੀ ਬਲਜੀਤ ਕੌਰ

ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਦੀ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਗੜਬੜੀ ਜਾਪਦੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਨਿੱਜੀ ਤੌਰ ’ਤੇ ਇਸ ਮਾਮਲੇ ਨੂੰ ਦੇਖ ਰਹੇ ਹਨ।

ਮੰਤਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Latest News