Punjab Infoline

ਪੰਜਾਬੀ

Nitin Nabin Punjab Visit: ਜਲੰਧਰ ਤੋਂ ਸ਼ੁਰੂ ਹੋਈ 2,402 ਕਿਲੋਮੀਟਰ ਦੀ ‘ਸਮਰਸਤਾ ਸੰਕਲਪ ਯਾਤਰਾ’, ਨਸ਼ਿਆਂ ਤੇ ਬੇਰੁਜ਼ਗਾਰੀ ’ਤੇ ਮਾਨ ਸਰਕਾਰ ਨੂੰ ਘੇਰਿਆ

18 Nov, 2026 03:36 PM

Nitin Nabin Punjab Visit: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਬੁੱਧਵਾਰ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸੇਧਿਆ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਵਿੱਚ 'ਬਦਲਾਅ' ਲਿਆਉਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਸੱਤਾ ਸੌਂਪੀ ਸੀ, ਪਰ ਇਹ ਬਦਲਾਅ ਸਿਰਫ਼ ਅਰਵਿੰਦ ਕੇਜਰੀਵਾਲ ਲਈ ਹੀ ਆਇਆ ਹੈ।

ਨਿਤਿਨ ਨਬੀਨ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਮਾਰ ਹੇਠ ਆਈ ਹੈ। ਇਸ ਕਾਰਨ ਨੌਜਵਾਨਾਂ ਨੂੰ ਮਜਬੂਰਨ ਵਿਦੇਸ਼ਾਂ ਵੱਲ ਪਰਵਾਸ ਕਰਨਾ ਪੈ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਕਿਹੜੇ ਨੌਜਵਾਨਾਂ ਨੂੰ ਕਰੋੜਪਤੀ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਮੁੜ ਗੁੰਮਰਾਹ ਨਹੀਂ ਹੋਣਗੇ।

ਇਸ ਦੌਰਾਨ ਭਾਜਪਾ ਪ੍ਰਧਾਨ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਵੀ ਨਿਸ਼ਾਨਾ ਸੇਧਿਆ। ਉਨ੍ਹਾਂ ਰਾਹੁਲ ਗਾਂਧੀ 'ਤੇ ਦੇਸ਼ ਵਿੱਚ ਅਰਾਜਕਤਾ ਅਤੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ।

ਨਿਤਿਨ ਨਬੀਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ

ਇਸ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ। ਉਨ੍ਹਾਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮੰਦਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਅਤੇ ਪ੍ਰਾਰਥਨਾ ਕੀਤੀ।

ਰਾਏਪੁਰ ਪਿੰਡ ਤੋਂ 16 ਦਿਨਾਂ ਦੀ ਯਾਤਰਾ ਨੂੰ ਹਰੀ ਝੰਡੀ

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਤੋਂ ਬਾਅਦ ਨਿਤਿਨ ਨਬੀਨ ਨੇ ਜਲੰਧਰ ਦੇ ਪਿੰਡ ਰਾਏਪੁਰ ਤੋਂ 16 ਦਿਨਾਂ ਦੀ 'ਸਮਰਸਤਾ ਸੰਕਲਪ ਯਾਤਰਾ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਯਾਤਰਾ 18 ਨਵੰਬਰ ਤੋਂ 3 ਦਸੰਬਰ ਤੱਕ ਚੱਲੇਗੀ।

ਜ਼ਿਕਰਯੋਗ ਹੈ ਕਿ ਇਹ ਯਾਤਰਾ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਹਿੱਸਾ ਹੈ। ਯਾਤਰਾ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਚੰਡੀਗੜ੍ਹ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਲੰਘੇਗੀ।

ਇਸ ਦੌਰਾਨ ਯਾਤਰਾ 2,402 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ 3 ਦਸੰਬਰ ਨੂੰ ਕਾਸ਼ੀ ਵਿਖੇ ਸਮਾਪਤ ਹੋਵੇਗੀ।

Latest News