ਜ਼ਮੀਨੀ ਵਿਵਾਦ ’ਚ ‘ਆਪ’ ਆਗੂ ਨੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਵਾਰਦਾਤ ਮਗਰੋਂ ਫਰਾਰ

ਜ਼ਮੀਨੀ ਵਿਵਾਦ ’ਚ ‘ਆਪ’ ਆਗੂ ਨੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਵਾਰਦਾਤ ਮਗਰੋਂ ਫਰਾਰ

ਅੰਮ੍ਰਿਤਸਰ ਦੇ ਅਟਾਰੀ ਹਲਕੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿੱਚ ਜ਼ਮੀਨੀ ਵਿਵਾਦ ਕਾਰਨ ਵੱਡੇ ਭਰਾ ਵੱਲੋਂ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਿਮਰਦੀਪ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਸਮਿਤੀ ਮੈਂਬਰ ’ਤੇ ਆਪਣੇ ਛੋਟੇ ਭਰਾ ਦਾ ਕਤਲ ਕਰਨ ਦਾ ਦੋਸ਼ ਹੈ। ਵਾਰਦਾਤ ਮਗਰੋਂ ਮੁਲਜ਼ਮ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਦੋਵਾਂ ਭਰਾਵਾਂ ਵਿਚਕਾਰ ਪਰਿਵਾਰਕ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਅੱਜ ਸਵੇਰੇ ਕਰੀਬ 11:30 ਵਜੇ ਇਸੇ ਮਾਮਲੇ ਨੂੰ ਲੈ ਕੇ ਦੋਵਾਂ ਵਿਚਕਾਰ ਤਕਰਾਰ ਹੋ ਗਈ। ਇਸ ਦੌਰਾਨ ਕਥਿਤ ਤੌਰ ’ਤੇ ਆਪ ਆਗੂ ਨੇ ਆਪਣੇ ਛੋਟੇ ਭਰਾ ’ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਵਿੱਚੋਂ ਇੱਕ ਸਿਮਰਦੀਪ ਦੇ ਸਿਰ ਵਿੱਚ ਅਤੇ ਦੂਜੀ ਛਾਤੀ ਦੇ ਸੱਜੇ ਪਾਸੇ ਲੱਗੀ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਨੂੰ ਹਸਪਤਾਲ ਲਿਜਾਣ ਦਾ ਮੌਕਾ ਵੀ ਨਹੀਂ ਮਿਲ ਸਕਿਆ।

ਮੁਲਜ਼ਮ ਦੀ ਭਾਲ ਲਈ ਪੁਲਿਸ ਵੱਲੋਂ ਛਾਪੇ

ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ, ਦੋਵਾਂ ਭਰਾਵਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਤੋਂ ਇਲਾਵਾ ਪਰਿਵਾਰ ਵਿੱਚ ਨਸ਼ੇ ਦੇ ਸੇਵਨ ਅਤੇ ਨਸ਼ਾ ਵੇਚਣ ਨੂੰ ਲੈ ਕੇ ਵੀ ਤਣਾਅ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਘਟਨਾ ਵਾਲੀ ਥਾਂ ’ਤੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਵਿਗਿਆਨਕ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਵੱਲੋਂ ਪਰਿਵਾਰ ਦੇ ਹੋਰਨਾਂ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ।

ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਵਾਰਦਾਤ ਤੋਂ ਬਾਅਦ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।