'ਮੇਰੀ ਮੌਤ ਦਾ ਜ਼ਿੰਮੇਵਾਰ ਭਗਵੰਤ ਮਾਨ ਹੋਵੇਗਾ', ਗੁਰਵਿੰਦਰ ਸਿੰਘ ਖੇੜੀਵਾਲਾ ਦਾ ਦਾਅਵਾ, ਗੈਂਗਸਟਰਾਂ ਤੋਂ ਮਿਲ ਰਹੀਆਂ ਧਮਕੀਆਂ
Gurwinder Singh Khediwala Support Parvinder Jhota Family: ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੱਗੇ ਧਰਨੇ ਵਿੱਚ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ ਵੀ ਪਹੁੰਚੇ। ਉਨ੍ਹਾਂ ਨੇ ਝੋਟਾ ਦੇ ਪਰਿਵਾਰ ਨਾਲ ਖੜ੍ਹਨ ਅਤੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਗੈਂਗਸਟਰਾਂ ਵੱਲੋਂ ਉਨ੍ਹਾਂ ਦੀ ਹੱਤਿਆ ਕੀਤੀ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਝੋਟਾ ਦੇ ਪਿਤਾ ਦੀਆਂ 7 ਪੁਸ਼ਤਾਂ ਤੱਕ ਸੇਵਾ ਕਰਨ ਦਾ ਐਲਾਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ ਨੇ ਕਿਹਾ ਕਿ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀਆਂ ਸੱਤ ਪੁਸ਼ਤਾਂ ਤੱਕ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪਰਿਵਾਰ ਨੂੰ ਵੀ ਇਸ ਬਾਰੇ ਦੱਸਣਗੇ ਅਤੇ ਇਹ ਜ਼ਿੰਮੇਵਾਰੀ ਨਿਭਾਉਣ ਲਈ ਕਹਿ ਕੇ ਜਾਣਗੇ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਸਲ ਵਿੱਚ ਜਾਨ ਦਾ ਖ਼ਤਰਾ ਹੈ, ਉਨ੍ਹਾਂ ਨੂੰ ਹਥਿਆਰਾਂ ਦੇ ਲਾਇਸੈਂਸ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਨਾ ਤਾਂ ਉਨ੍ਹਾਂ ਨੂੰ ਅਤੇ ਨਾ ਹੀ ਪਰਵਿੰਦਰ ਸਿੰਘ ਝੋਟਾ ਨੂੰ ਅਸਲਾ ਲਾਇਸੈਂਸ ਦਿੱਤਾ ਗਿਆ ਸੀ।
ਗੁਰਵਿੰਦਰ ਸਿੰਘ ਖੇੜੀਵਾਲਾ ਨੇ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਨੌਜਵਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਜਾਂ ਫਿਰ ਉਨ੍ਹਾਂ ਦੇ ਅਸਲਾ ਲਾਇਸੈਂਸ ਬਣਾਏ ਜਾਣ।
ਮੁੱਖ ਮੰਤਰੀ ਖ਼ਿਲਾਫ਼ ਨਾ ਬੋਲਣ 'ਤੇ ਸੁਰੱਖਿਆ ਮਿਲਣ ਦਾ ਦਾਅਵਾ
ਗੁਰਵਿੰਦਰ ਸਿੰਘ ਖੇੜੀਵਾਲਾ ਨੇ ਦਾਅਵਾ ਕੀਤਾ ਕਿ ਸੀਆਈਏ ਇੰਚਾਰਜ ਵੀ ਉਨ੍ਹਾਂ ਕੋਲ ਆਇਆ ਸੀ। ਉਨ੍ਹਾਂ ਮੁਤਾਬਕ, ਇੰਚਾਰਜ ਨੇ ਕਿਹਾ ਸੀ ਕਿ ਜੇਕਰ ਉਹ ਮੁੱਖ ਮੰਤਰੀ ਖ਼ਿਲਾਫ਼ ਬੋਲਣਾ ਬੰਦ ਕਰ ਦੇਣ ਤਾਂ ਹੀ ਉਨ੍ਹਾਂ ਨੂੰ ਸੁਰੱਖਿਆ ਮਿਲ ਸਕਦੀ ਹੈ ਅਤੇ ਅਸਲਾ ਲਾਇਸੈਂਸ ਬਣ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਹ ਕਿਸੇ ਅੱਗੇ ਆਪਣੀਆਂ ਅੱਖਾਂ ਝੁਕਾ ਕੇ ਚੱਲਣ ਲਈ ਤਿਆਰ ਨਹੀਂ ਹਨ।
ਗੈਂਗਸਟਰਾਂ ਤੋਂ ਧਮਕੀਆਂ ਮਿਲਣ ਦਾ ਦਾਅਵਾ
ਗੁਰਵਿੰਦਰ ਸਿੰਘ ਖੇੜੀਵਾਲਾ ਨੇ ਦੱਸਿਆ ਕਿ ਉਹ ਪਹਿਲਾਂ ਜੇਲ੍ਹ ਜਾ ਚੁੱਕੇ ਹਨ ਅਤੇ ਉੱਥੇ ਰਹਿੰਦਿਆਂ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਕੋਈ ਸੁਰੱਖਿਆ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਉਹ ਤਿੰਨ ਵਾਰ ਜੇਲ੍ਹ ਵਿੱਚ ਰਹਿ ਕੇ ਆਏ ਹਨ ਅਤੇ ਇਸ ਦੌਰਾਨ ਉਨ੍ਹਾਂ ਦਾ ਨੈੱਟਵਰਕ ਵਧਿਆ। ਉਨ੍ਹਾਂ ਦੇ ਦਾਅਵੇ ਮੁਤਾਬਕ, ਉਨ੍ਹਾਂ ਨੇ ਇੱਕ ਦੋਸਤ ਰਾਹੀਂ ਗੈਂਗਸਟਰ ਨਾਲ ਸੰਪਰਕ ਕਰਕੇ ਧਮਕੀਆਂ ਦੇਣ ਵਾਲੇ ਇੱਕ ਹੋਰ ਗੈਂਗਸਟਰ ਨੂੰ ਰੁਕਣ ਲਈ ਕਿਹਾ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਦੋ ਵੱਡੇ ਗੈਂਗਸਟਰ ਸ਼ਾਮਲ ਹਨ, ਪਰ ਉਨ੍ਹਾਂ ਨੇ ਕਿਸੇ ਦਾ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਵਿੱਚੋਂ ਇੱਕ ਹੋਰ ਦੋਸਤ ਰਾਹੀਂ ਗੈਂਗਸਟਰ ਨੂੰ ਫ਼ੋਨ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਜਾਨ ਬਚੀ। ਉਨ੍ਹਾਂ ਦੇ ਦਾਅਵੇ ਅਨੁਸਾਰ, ਜੇਕਰ ਇਹ ਕਦਮ ਨਾ ਚੁੱਕਿਆ ਜਾਂਦਾ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਰਵਾ ਦੇਣਾ ਸੀ।
ਗੁਰਵਿੰਦਰ ਸਿੰਘ ਖੇੜੀਵਾਲਾ ਨੇ ਦੁਹਰਾਇਆ ਕਿ ਜੇਕਰ ਗੈਂਗਸਟਰਾਂ ਵੱਲੋਂ ਉਨ੍ਹਾਂ ਦੀ ਹੱਤਿਆ ਕੀਤੀ ਜਾਂਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਣਗੇ।