ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਵਲੋਂ ਅੱਜ ਤਲਵੰਡੀ ਸਾਬੋ ਅਤੇ ਰਾਮਾਂ ਡਵੀਜਨ ਦੀ ਮੀਟਿੰਗ ਡਵੀਜਨ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਵਿਸੇਸ਼ ਤੌਰ 'ਤੇ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਸ਼ਿਰਕਤ ਕੀਤੀ। ਮੀਟਿੰਗ ਦੀ ਕਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਠੇਕਾ ਕਾਮਿਆਂ ਦੀ ਤੀਹ ਸਤੰਬਰ ਦੀ ਛਾਂਟੀ ਕੀਤੀ ਜਾ ਰਹੀ ਹੈ ਤੀਹ ਸਤੰਬਰ ਨੂੰ 50% ਠੇਕਾ ਕਾਮਿਆਂ ਤੋਂ ਧੱਕੇਸ਼ਾਹੀ ਨਾਲ ਉਨ੍ਹਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਨੂੰ ਕਈ ਵਾਰ ਮੰਗ ਪੱਤਰ ਦੇ ਦਿੱਤੇ ਤੇ ਕਈ ਵਾਰ ਮੀਟਿੰਗਾਂ ਕੀਤੀਆਂ ਪਰ ਮਸਲਾ ਉੱਥੇ ਦਾ ਉੱਥੇ ਹੈ। ਪਾਵਰਕਾਮ ਵਿਚ ਠੇਕੇ 'ਤੇ ਕੰਮ ਕਰਦੇ ਕਾਮਿਆਂ ਨੂੰ ਨਿਗੂਣੀਆਂ ਤਨਖਾਹਾਂ ਦੇ ਕੇ ਕੰਮ ਕਰਵਾਇਆ ਜਾਂਦਾ ਹੈ ਤੇ ਕਈ ਵਾਰ ਤਾਂ ਤਨਖਾਹਾਂ ਛੇ-ਛੇ ਮਹੀਨੇ ਨਹੀਂ ਦਿੱਤੀਆਂ ਜਾਂਦੀਆਂ। ਪਿਛਲੇ ਸਮੇਂ ਹੋਈਆਂ ਕਟੌਤੀਆਂ ਈਪੀਐੱਫ, ਈਐੱਸਆਈ ਦਾ ਕੋਈ ਵੀ ਹਿਸਾਬ ਕਿਤਾਬ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਪਾਵਰਕਾਮ ਦੀ ਮੈਨੇਜਮੈਂਟ ਵਰਕਰਾਂ ਦੀ ਤੀਹ ਸਤੰਬਰ ਨੂੰ ਛਾਂਟੀ ਕਰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਆਉਣ ਵਾਲੀ ਚਾਰ ਅਕਤੂਬਰ ਨੂੰ ਪਟਿਆਲਾ ਵਿਖੇ ਪਰਿਵਾਰਾਂ ਸਮੇਤ ਵਿਸਾਲ ਰੈਲੀ ਕੀਤੀ ਜਾਵੇਗੀ। ਜੇਕਰ ਮੈਨੇਜਮੈਂਟ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੂਫਾਨੀ ਰੂਪ ਦਿੱਤਾ ਜਾਵੇਗਾ ਅਤੇ ਫਿਰ ਵੀ ਨਾ ਕੋਈ ਹੱਲ ਹੋਇਆ ਤਾਂ ਭਰਾਤਰੀ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਬੱਚਿਆਂ ਤੇ ਪਰਿਵਾਰ ਸਮੇਤ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਮਲਕੀਤ ਸਿੰਘ, ਗੋਰਾ ਸਿੰਘ, ਗੁਰਨਾਮ ਸਿੰਘ, ਬੀਰਬਲ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ ਜੱਸਾ, ਕੁਲਵਿੰਦਰ ਸਿੰਘ ਆਦਿ ਹਾਜਰ ਸਨ।