ਕਰਫਿੳੂ ਦੀ ਉਲੰਘਣਾ ਕਰਨ ਵਾਲੇ ਜਾਣਗੇ ਹੁਣ ਓਪਨ ਜੇਲ ’ਚ ਐਸ.ਪੀ

ਧੂਰੀ,4 ਅਪ੍ਰੈਲ (ਮਹੇਸ਼ ਜਿੰਦਲ) - ਕਰਫਿੳੂ ਦੀ ਪਾਲਣਾ ਨੂੰ ਯਕੀਨੀ ਬਨਾਉਣ ਦੇ ਮਕਸਦ ਨਾਲ ਚੁੱਕੇ ਗਏ ਕਦਮ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਧੂਰੀ ਦੇ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ ’ਚ ਤਬਦੀਲ ਕਰ ਦਿੱਤਾ ਗਿਆ। ਜਿਸ ਦਾ ਨਿਰੀਖਣ ਕਰਨ ਪੁੱਜੇ ਐਸ.ਪੀ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰਫਿੳੂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜਿੱਥੇ ਡਰੋਨ ਕੈਮਰਿਆਂ ਦੀ ਮੱਦਦ ਲਈ ਜਾ ਰਹੀ ਹੈ ਉਥੇ ਹੀ ਉਲੰਘਣਾ ਕਰਨ ਵਾਲਿਆਂ ਨੂੰ ਇਸ ਓਪਨ ਜੇਲ ’ਚ ਬੰਦ ਕਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।। ਉਨਾਂ ਸਪੱਸ਼ਟ ਕੀਤਾ ਕਿ ਬਿਨਾਂ ਪਾਸ ਅਤੇ ਬਿਨਾਂ ਕਿਸੇ ਮੈਡੀਕਲ ਐਮਰਜੇਂਸੀ ਤੋਂ ਘਰਾਂ ’ਚੋਂ ਬਾਹਰ ਨਿਕਲਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਉਨਾਂ ਨੂੰ ਇਸ ਓਪਨ ਜੇਲ ’ਚ ਬੰਦ ਕੀਤਾ ਜਾਵੇਗਾ, ਜਿਨਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਆਰਜੀ ਓਪਨ ਜੇਲ ’ਚ 100 ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਪੈਣ ’ਤੇ ਹੋਰ ਵੀ ਪ੍ਰਬੰਧ ਕੀਤੇ ਜਾਣਗੇ।