-
ਪੰਥਕ ਮਸਲੇ ਅਤੇ ਖ਼ਬਰਾਂ
-
Wed Oct,2018
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੇ ਪੀੜਿਤ ਸਿੱਖਾਂ, ਬੀਬੀਆਂ ਅਤੇ ਬੱਚਿਆਂ ਨਮਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਨਵੰਬਰ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਅਰਦਾਸ ਦਿਵਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਜਾਰਾਂ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਸਿੱਖ ਸੰਗਤਾਂ ਸ਼ਿਰਕਤ ਕਰਨਗੀਆਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। ਸਿੱਧੂ ਨੇ ਕਿਹਾ ਕਿ ਅਰਦਾਸ ਦਿਵਸ ਦੀਆਂ ਸਾਰੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਪੁੱਜਣ ਦੀ ਸੰਭਾਵਨਾ ਹੈ। ਉਨਾਂ ਦੱਸਿਆ ਕਿ ਹਲਕਾ ਤਲਵੰਡੀ ਸਾਬੋ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਸਮੂੰਹ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਅਰਦਾਸ ਦਿਵਸ ਨੂੰ ਲੈ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਸਾਬਕਾ ਵਿਧਾਇਕ ਨੇ ਹਲਕੇ ਦੇ ਸਾਰੇ ਪਾਰਟੀ ਆਗੂਆਂ, ਵਰਕਰਾਂ, ਪੰਚਾਂ, ਸਰਪੰਚਾਂ, ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਨੂੰ ਅਰਦਾਸ ਦਿਵਸ ਮੌਕੇ ਸਮੇਂ ਸਿਰ ਪੁੱਜਣ ਦੀ ਅਪੀਲ ਵੀ ਕੀਤੀ ਹੈ।