ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਅਰਦਾਸ ਦਿਵਸ।

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਵਿੱਚ ਦੇਸ਼ ਦੀ ਤਤਕਾਲੀ ਪ੍ਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ, ਬੀਬੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅਰਦਾਸ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁ: ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਬੀਤੇ ਤਿੰਨ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਵਿੱਚ ਜਿੱਥੇ ਮਾਲਵੇ ਦੇ ਸਮੁੱਚੇ ਹਲਕਿਆਂ ਤੋਂ ਹਜਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਉੱਥੇ ਹਲਕਾ ਤਲਵੰਡੀ ਸਾਬੋ ਤੋਂ ਵੀ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਵਿਦੇਸ਼ ਗਏ ਹੋਣ ਦੇ ਬਾਵਜੂਦ ਉਨਾਂ ਦੇ ਨਿਰਦੇਸ਼ਾਂ ਤੇ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਹਾਜਿਰੀ ਭਰੀ। ਅਰਦਾਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਨਵੰਬਰ 84 ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਤੋਂ ਇਲਾਵਾ ਪੀੜਿਤ ਪਰਿਵਾਰਾਂ ਦੀ ਚੜ੍ਹਦੀਕਲਾ, ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀਤੇ ਸਮੇਂ ਵਿੱਚ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਮਿਲਣ ਸਬੰਧੀ ਅਤੇ ਸਿੱਖ ਇਤਿਹਾਸ ਦੇ ਸਿਲੇਬਸ ਨਾਲ ਛੇੜਛਾੜ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਬਾਰੇ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਆਪਣੇ ਸੰਖੇਪ ਸੰਬੋਧਨ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਵੰਬਰ 84 ਕਤਲੇਆਮ ਨੂੰ ਗਿਣੀ ਮਿੱਥੀ ਸਾਜਿਸ਼ ਤਹਿਤ ਕਰਵਾਈ ਗਈ ਸਿੱਖ ਨਸਲਕੁਸ਼ੀ ਕਰਾਰ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਧਾਰਮਿਕ,ਰਾਜਨੀਤਿਕ ਅਤੇ ਆਰਥਿਕ ਤੌਰ ਤੇ ਮਜਬੂਤ ਹੋਣ ਦਾ ਸੱਦਾ ਦਿੱਤਾ। ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਵੰਬਰ 1984 ਕਤਲੇਆਮ ਦੁਨੀਆਂ ਵਿੱਚ ਇੱਕੋ ਇੱਕ ਉਦਾਹਰਨ ਹੈ ਕਿ ਸਰਕਾਰ ਨੇ ਹੀ ਆਪਣੀ ਪਰਜਾ ਵਿੱਚ ਸ਼ਾਮਿਲ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕਰਵਾਇਆ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸਾਰੇ ਤਖਤ ਸਾਹਿਬਾਨ ਤੇ ਅਕਾਲ ਪੁਰਖ ਵਾਹਿਗੁਰੂ ਅੱਗੇ ਨਵੰਬਰ 84 ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਅਤੇ ਪਿਛਲੇ ਸਮੇਂ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਸਬੰਧੀ ਅਰਦਾਸ ਜੋਦੜੀ ਕੀਤੀ ਗਈ ਹੈ। ਅੱਜ ਦੇ ਅਰਦਾਸ ਸਮਾਗਮ ਵਿੱਚ ਸਿਕੰਦਰ ਸਿੰਘ ਮਲੂਕਾ,ਜਨਮੇਜਾ ਸਿੰਘ ਸੇਖੋਂ ਤੇ ਪਰਮਿੰਦਰ ਸਿੰਘ ਢੀਂਡਸਾ ਤਿੰਨੇ ਸਾਬਕਾ ਮੰਤਰੀ, ਬਲਵਿੰਦਰ ਸਿੰਘ ਭੂੰਦੜ, ਬਲਰਾਜ ਸਿੰਘ ਭੂੰਦੜ, ਰੋਜੀ ਬਰਕੰਦੀ, ਬਲਕੌਰ ਸਿੰਘ ਵਿਧਾਇਕ ਹਰਿਆਣਾ, ਜਗਦੀਪ ਸਿੰਘ ਨਕੱਈ, ਮਨਤਾਰ ਬਰਾੜ, ਬਲਵੀਰ ਸਿੰਘ ਘੁੰਨਸ, ਗੁਰਾ ਸਿੰਘ ਤੁੰਗਵਾਲੀ, ਦਰਸ਼ਨ ਸਿੰਘ ਕੋਟਫੱਤਾ, ਹਰਪ੍ਰੀਤ ਸਿੰਘ ਕੋਟਭਾਈ, ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਦੀ ਸਮੁੱਚੀ ਟੀਮ, ਤੇਜਿੰਦਰ ਸਿੰਘ ਮਿੱਡੂਖੇੜਾ ਸਾਬਕਾ ਚੇਅਰਮੈਨ, ਬਲਵੰਤ ਰਾਏ ਨਾਥ ਮੇਅਰ ਬਠਿੰਡਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਜਥੇਦਾਰ ਗੁਰਤੇਜ ਸਿੰਘ ਢੱਡੇ ਦੋਵੇਂ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਗੁਰਪ੍ਰੀਤ ਸਿੰਘ ਝੱਬਰ, ਬੀਬੀ ਜੋਗਿੰਦਰ ਕੌਰ, ਭਾਈ ਮੇਜਰ ਸਿੰਘ ਰਾਮਪੁਰਾ ਚਾਰੇ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਬਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਟੇਕ ਸਿੰਘ ਧਨੌਲਾ,ਬਾਬਾ ਪ੍ਰੀਤਮ ਸਿੰਘ ਮੱਲੜੀ, ਸੁਖਬੀਰ ਚੱਠਾ ਹਲਕਾ ਪ੍ਰਧਾਨ ਯੂਥ, ਅਵਤਾਰ ਮੈਨੂੰਆਣਾ, ਬਾਬੂ ਸਿੰਘ ਮਾਨ, ਜਗਤਾਰ ਨੰਗਲਾ, ਰਣਜੀਤ ਮਲਕਾਣਾ ਆਦਿ ਆਗੂ ਹਾਜਿਰ ਸਨ।