ਸਮਝਦਾਰ ਵੋਟਰ ਹੀ ਜ਼ਿਮੇਵਾਰ ਨਾਗਰਿਕ ਬਣ ਸਕਦਾ ਹੈ-ਮਨਪ੍ਰੀਤ ਸਿੰਘ ਛੱਤਵਾਲ

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਵੋਟ ਦੀ ਮਹੱਤਤਾ ਨੂੰ ਲੈ ਕੇ ਸੀ.ਡੀ. ਨੂੰ ਲਾਂਚ ਕਰਨ ਦੌਰਾਨ ਕਿਹਾ ਕਿ ਲੋਕਾਂ ਨੂੰ ਵੋਟ ਦਾ ਮਹੱਤਵ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਝਦਾਰ ਵੋਟਰ ਹੀ ਦੇਸ਼ ਦਾ ਜ਼ਿਮੇਵਾਰ ਨਾਗਰਿਕ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਅਧਿਕਾਰ ਨਾਲ ਹੀ ਆਮ ਲੋਕ ਵੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਦਾ ਖਾਸ ਹਿੱਸਾ ਬਣ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟ ਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜ਼ਿਨ੍ਹਾਂ ਵਿਅਕਤੀਆਂ ਦੀਆਂ ਅਜੇ ਤੱਕ ਵੋਟਾਂ ਨਹੀਂ ਬਣੀਆਂ ਹਨ ਉਨ੍ਹਾਂ ਨੂੰ ਵੋਟਾਂ ਬਣਾਉਣ ਦੀ ਮੁਹਿੰਮ ਵਿੱਚ ਭਾਗ ਲੈ ਕੇ ਆਪਣੀ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹੁੰਦੇ ਹਨ।ਸਵੀਪ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਸ੍ਰੀ ਰਾਜਿੰਦਰ ਕੁਮਾਰ ਨੇ ਵੋਟਾਂ ਦੀ ਮਹੱਤਤਾ ਨੂੰ ਲੈ ਕੇ ਤਿਆਰ ਕੀਤੀ ਗਈ ਸੀ.ਡੀ. ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿੰਨ੍ਹਾਂ ਨੌਜਵਾਨਾਂ ਦੀ ਉਮਰ 01-01-2019 ਨੂੰ 18 ਸਾਲ ਪੂਰੀ ਹੋ ਰਹੀ ਹੈ ਉਨ੍ਹਾਂ ਨੂੰ ਆਪਣੀ ਵੋਟ ਬਣਾਉਣ ਤੇ ਇਸ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੋਜੈਕਟ ਦੌਰਾਨ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਸਤਪਾਲ ਬਾਂਸਲ ਵੀ ਵਿਸ਼ੇਸ਼ ਤੌਰ 'ਤੇ ਮੋਜੂਦ ਸਨ।