ਪਿੰਡ ਸੇਖੂ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ

ਤਲਵੰਡੀ ਸਾਬੋ, 2 ਮਾਰਚ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਸੇਖੂ ਦੇ ਨੌਜਵਾਨ ਕਿਸਾਨ ਬੀਰਬਲ ਸਿੰਘ ਪੁੱਤਰ ਗੁਰਮੇਲ ਸਿੰਘ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਦੁੁਖਦਾਈ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੇ ਦਾਦਾ ਸੇਵਾ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੇ ਦੋ ਪੁੱਤਰ ਹਨ ਅਤੇ ਉਹਨਾਂ ਦੇ ਪਰਿਵਾਰ ਕੋਲ ਸਿਰਫ ਦੋ ਕਨਾਲ ਜਮੀਨ ਹੈ ਜਿਸ ਕਾਰਨ ਉਹਨਾਂ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ। ਉਹਨਾਂ ਦੱਸਿਆ ਕਿ ਪਰਿਵਾਰ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਕਰੀਬ 5 ਲੱਖ ਰੁਪਏ ਦਾ ਕਰਜਾ ਹੈ ਜਿਸ ਕਾਰਨ ਮ੍ਰਿਤਕ ਬੀਰਬਲ ਸਿੰਘ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਹੀ ਉਸਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਕਿਸਾਨ ਆਗੂਆਂ ਨੇ ਸਰਕਾਰ ਕੋਲੋਂ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਦਸ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।