ਫਾਜਿਲਕਾ,29 ਦਸੰਬਰ(ਕ੍ਰਿਸ਼ਨ ਸਿੰਘ)—ਚੌਣ ਕਮਿਸ਼ਨ ਵੱਲੋਂ ਵਾਰ—ਵਾਰ ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ। ਪਰ ਕੁੱਝ ਅਜਿਹੇ ਲੋਕ ਵੀ ਹਨ ਜ਼ੋ ਕਿ ਕੁੱਝ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪਰਵਾਹੀ ਦਾ ਸਿ਼ਕਾਰ ਹੋ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਬਿਲਕੁੱਲ ਵਾਂਝੇ ਰਹਿ ਜਾਂਦੇ ਹਨ। ਇਸੇ ਤਰ੍ਹਾਂ ਹੀ ਫਾਜਿਲਕਾ ਦੇ ਪਿੰਡ ਮਹਾਤਮ—ਨਗਰ ਦੇ 13 ਵੋਟਰ ਕੁੱਝ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਆਪਣੀ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਰਹਿ ਰਹੇ ਹਨ। ਜਾਣਕਾਰੀ ਦਿੰਦਿਆਂ ਹੋਇਆਂ ਜੱਲਾ ਸਿੰਘ ਨਿਵਾਸੀ ਪਿੰਡ ਮਹਾਤਮ ਨਗਰ ਨੇ ਦੱਸਿਆ ਕਿ ਉਹ ਪਿੱਛਲੇ ਕਈ ਸਾਲਾਂ ਤੋਂ ਆਪਣੇ ਪਿੰਡ ਵਿੱਚ ਰਹਿ ਰਹੇ ਹਨ ਅਤੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋ ਕਰ ਰਹੇ ਹਨ। ਪਰ ਜਦੋਂ ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੌਣਾਂ—2018 ਹੋਈਆਂ ਤਾਂ ਉਸ ਸਮੇਂ ਚੌਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਉਨ੍ਹਾਂ ਦੇ ਪਿੰਡ ਦੀ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਨਹੀਂ ਆਇਆ। ਜਦੋਂ ਇਸ ਬਾਰੇ ਉਨ੍ਹਾਂ ਪਤਾ ਕੀਤਾ ਤਾਂ ਉਨ੍ਹਾਂ ਨੂੰ ਪਤਾ ਚਲਿਆ ਕਿ ਕੁੱਝ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚੋਂ ਕੱਟ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਐੱਸ.ਡੀ.ਐੱਮ. ਫਾਜਿਲਕਾ, ਏ.ਡੀ.ਸੀ. ਫਾਜਿਲਕਾ ਅਤੇ ਹੋਰ ਕਈ ਉੱਚ ਅਧਿਕਾਰੀਆਂ ਨੂੰ ਲਿਖਤੀ ਦਰਖਾਸਤਾਂ ਰਾਹੀਂ ਉਹਨ੍ਹਾਂ ਦੀਆਂ ਵੋਟਾਂ ਦੁਬਾਰ ਤੋਂ ਸੋਧ ਕੀਤੀ ਗਈ ਵੋਟਰ ਸੂਚੀ ਵਿੱਚ ਪਾਉਣ ਦੀ ਬੇਨਤੀ ਕੀਤੀ ਗਈ, ਪਰ ਕਈ ਦਿਨ ਕਈ ਉੱਚ ਅਧਿਕਾਰੀਆਂ ਦੇ ਦਫਤਰਾਂ ਦੇ ਚੱਕਰ ਕੱਟਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਵੋਟਾਂ ਵੋਟਰ ਸੂਚੀ ਵਿੱਚ ਨਹੀਂ ਪਾਈਆਂ ਗਈਆਂ। ਜਿਸ ਕਾਰਨ ਉਹ ਇੱਕ ਵਾਰ ਫਿਰ ਤੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਹੋ ਗਏ ਹਨ। ਉਨ੍ਹਾਂ ਨੇ ਉਨ੍ਹਾਂ ਦੀਆਂ ਵੋਟਾਂ ਜਲਦੀ ਤੋਂ ਜਲਦੀ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਚੌਣ ਕਮਿਸ਼ਨ ਤੋਂ ਉਨ੍ਹਾਂ ਦੀਆਂ ਵੋਟਾਂ ਕਟਾਏ ਜਾਣ ਦੀ ਜਾਂਚ ਕਰਵਾਉਣ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਤੇ ਬਣਦੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।