ਤਲਵੰਡੀ ਸਾਬੋ, 1 ਮਾਰਚ (ਗੁਰਜੰਟ ਸਿੰਘ ਨਥੇਹਾ)- ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜੋ ਰੋਸ ਪ੍ਰਦਰਸ਼ਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ, ਉਸ ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ ਤੇ ਬਲਾਕ ਅਤੇ ਜਿਲ੍ਹਾ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਪਰੋਕਤ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਰਧਾਨ ਸਤਵੰਤ ਕੌਰ ਤਲਵੰਡੀ ਸਾਬੋ ਨੇ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪਿਛਲੇਂ ਲੰਮੇ ਸਮੇਂ ਤੋਂ ਅਣਦੇਖਿਆ ਕਰ ਰਹੀ ਹੈ। ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਦੇ ਉਹ ਪੈਸੇ ਵੀ ਨੱਪੀ ਬੈਠੀ ਹੈ, ਜੋ ਪੈਸੇ ਕੇਂਦਰ ਸਰਕਾਰ ਵੱਲੋਂ ਅਕਤੂਬਰ 2018 ਵਿੱਚ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਕੇ ਵਧਾਏ ਗਏ ਸਨ। ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਨਹੀਂ ਦਿੱਤਾ ਜਾ ਰਿਹਾ। ਆਂਗਣਵਾੜੀ ਸੈਂਟਰਾਂ ਦੇ ਵਿਚੋਂ ਖੋਹੇ ਹੋਏ ਬੱਚੇ ਵਾਪਸ ਨਹੀਂ ਕੀਤੇ ਜਾ ਰਹੇ। ਹੋਰ ਬਹੁਤ ਸਾਰੀਆਂ ਮੰਗਾਂ ਨੂੰ ਪੰਜਾਬ ਸਰਕਾਰ ਅੱਖੋ ਪਰੋਖੇ ਕਰ ਰਹੀ ਹੈ। ਨਾ ਸਬੰਧਤ ਵਿਭਾਗ ਦੇ ਅਧਿਕਾਰੀ ਗੱਲ ਸੁਣਦੇ ਹਨ ਤੇ ਨਾ ਮੰਤਰੀ ਤੇ ਮੁੱਖ ਮੰਤਰੀ ਪਰ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੀਆਂ। ਉਹਨਾਂ ਕਿਹਾ ਕਿ 4 ਮਾਰਚ ਨੂੰ ਪਹਿਲਾਂ 34 ਸੈਕਟਰ ਚੰਡੀਗੜ੍ਹ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਫੇਰ ਪੰਜਾਬ ਵਿਧਾਨ ਸਭਾ ਦੇ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਆਈ ਸੀ ਡੀ ਸਕੀਮ ਤਹਿਤ ਕੰਮ ਕਰਦਿਆ ਵਰਕਰਾਂ ਤੇ ਹੈਲਪਰਾਂ ਨੂੰ 45 ਸਾਲ ਬੀਤ ਚੁੱਕੇ ਹਨ ਪਰ ਤ੍ਰਾਸਦੀ ਇਹ ਹੈ ਕਿ ਅਜੇ ਤੱਕ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਘੱਟੋ-ਘੱਟ ਉਜ਼ਰਤਾਂ ਨੂੰ ਮੁੱਖ ਰੱਖਦਿਆਂ ਵਰਕਰਾਂ ਨੂੰ ਹਰ ਮਹੀਨੇ 24 ਹਜ਼ਾਰ ਰੁਪਏ ਤੇ ਹੈਲਪਰ ਨੂੰ 18 ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇ।