PRTC Strike: ਠੇਕਾ ਮੁਲਾਜ਼ਮਾਂ ਵੱਲੋਂ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਦਾ ਐਲਾਨ, 5 ਨਵੰਬਰ ਦੇ ਘਿਰਾਓ ਨੂੰ ਵੀ ਸਮਰਥਨ
PRTC Strike News: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਨੇ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਮੂਹ ਮੁਲਾਜ਼ਮ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕਰਨਗੇ। ਜਥੇਬੰਦੀ ਨੇ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਨੂੰ ਵੀ ਸਮਰਥਨ ਦਿੱਤਾ ਹੈ।
ਲੁਧਿਆਣਾ ਵਿੱਚ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਫ਼ੈਸਲਾ
ਯੂਨੀਅਨ ਵੱਲੋਂ ਐਤਵਾਰ ਨੂੰ ਲੁਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਵਿੱਚ ਵੱਖ-ਵੱਖ ਡਿਪੂਆਂ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਲਾਗੂ ਨਾ ਹੋਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।
ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੰਸਥਾਪਕ ਕਮਲ ਕੁਮਾਰ ਨੇ ਦੱਸਿਆ ਕਿ 29 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ, ਪਰਸੋਨਲ ਵਿਭਾਗ, ਵਿੱਤ ਵਿਭਾਗ, ਗ੍ਰਹਿ ਵਿਭਾਗ ਅਤੇ ਵਿਭਾਗੀ ਮੈਨੇਜਮੈਂਟ ਦੇ ਅਧਿਕਾਰੀ ਸ਼ਾਮਲ ਹੋਏ ਸਨ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਈ ਭਰੋਸੇ ਦਿੱਤੇ ਗਏ ਸਨ।
ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ’ਚ ਪਾਸ ਕਰਨ ਦਾ ਦਿੱਤਾ ਸੀ ਭਰੋਸਾ
ਆਗੂਆਂ ਮੁਤਾਬਕ ਸਰਕਾਰ ਨੇ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਰਵਿਸ ਰੂਲਜ਼ ਕੈਬਨਿਟ ਮੀਟਿੰਗ ਵਿੱਚ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਇਲਾਵਾ ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਬਿੱਲ/ਐਕਟ ਅਨੁਸਾਰ ਕੰਟਰੈਕਟ ’ਤੇ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ ਸੰਘਰਸ਼ ਦੌਰਾਨ ਮੁਲਾਜ਼ਮਾਂ ’ਤੇ ਦਰਜ ਕੀਤੇ ਪਰਚੇ ਰੱਦ ਕਰਨ ਅਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਕੰਟਰੈਕਟ ਵਿੱਚ ਸ਼ਾਮਲ ਕਰਨ ਬਾਰੇ ਦੂਜੀ ਕਮੇਟੀ ਰਾਹੀਂ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ।
5, 8 ਅਤੇ 10 ਨਵੰਬਰ ਲਈ ਸੰਘਰਸ਼ੀ ਪ੍ਰੋਗਰਾਮ
ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜਗਜੀਤ ਸਿੰਘ ਲਿਬੜਾ, ਰੋਹੀ ਰਾਮ ਅਤੇ ਜੋਧ ਸਿੰਘ ਨੇ ਕਿਹਾ ਕਿ ਮੀਟਿੰਗਾਂ ਵਿੱਚ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਲਾਗੂ ਨਾ ਕਰਨਾ ਮੁਲਾਜ਼ਮਾਂ ਨਾਲ ਧੋਖਾ ਹੈ। ਇਸ ਦੇ ਵਿਰੋਧ ਵਿੱਚ 5 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਦਿੜਬਾ ਵਿਖੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ 8 ਨਵੰਬਰ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ 10 ਨਵੰਬਰ ਨੂੰ ਪੰਜਾਬ ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ
ਯੂਨੀਅਨ ਆਗੂਆਂ ਨੇ ਕਿਹਾ ਕਿ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਾਰੇ ਮੁਲਾਜ਼ਮ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ ਦੇ ਹੁਕਮ ਜਾਰੀ ਕੀਤੇ ਜਾਣ, ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ਵਿੱਚ ਪਾਸ ਕਰਵਾਏ ਜਾਣ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਪੱਧਰਾ ਕੀਤਾ ਜਾਵੇ। ਇਸ ਦੇ ਨਾਲ ਹੀ ਸੰਘਰਸ਼ ਦੌਰਾਨ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ।
ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿਕੇ, ਬਲਜਿੰਦਰ ਸਿੰਘ ਅਤੇ ਜਲੋਰ ਸਿੰਘ ਨੇ ਕਿਹਾ ਕਿ ਮੁਲਾਜ਼ਮ ਹੁਣ ਸਰਕਾਰ ਦੇ ਭਰੋਸਿਆਂ ’ਤੇ ਵਿਸ਼ਵਾਸ ਕਰਨ ਵਾਲੇ ਨਹੀਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਐਲਾਨੇ ਸੰਘਰਸ਼ੀ ਪ੍ਰੋਗਰਾਮਾਂ ਤੋਂ ਪਹਿਲਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਮੈਨੇਜਮੈਂਟ ਦੀ ਹੋਵੇਗੀ।
ਮੀਟਿੰਗ ਵਿੱਚ ਭਗਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਸੁਲੱਖਣ ਸਿੰਘ, ਜਤਿੰਦਰ ਸਿੰਘ, ਰਣਜੀਤ ਸਿੰਘ, ਵਜੀਰ ਸਿੰਘ, ਇੰਦਰਜੀਤ ਸਿੰਘ, ਸਨੀ, ਹਰਵਿੰਦਰ ਸਿੰਘ, ਸੁਖਪਾਲ ਸਿੰਘ, ਗੁਰਬਾਜ ਸਿੰਘ, ਭੁੱਲਰ ਬਠਿੰਡਾ, ਰਿਕੂ ਪਠਾਨਕੋਟ ਸਮੇਤ ਹੋਰ ਆਗੂਆਂ ਅਤੇ ਡਿਪੂ ਕਮੇਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।