Parvinder Singh Jhota Antim Ardas: ਜਥੇਦਾਰ ਗੜਗੱਜ ਦਾ ਪੰਜਾਬੀਆਂ ਨੂੰ ਸੰਦੇਸ਼, ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਸਰਕਾਰਾਂ ਤੋਂ ਪੁੱਛੋ ਸਵਾਲ

Parvinder Singh Jhota Antim Ardas: ਜਥੇਦਾਰ ਗੜਗੱਜ ਦਾ ਪੰਜਾਬੀਆਂ ਨੂੰ ਸੰਦੇਸ਼, ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਸਰਕਾਰਾਂ ਤੋਂ ਪੁੱਛੋ ਸਵਾਲ

ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਅੱਜ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਇਨਸਾਫ਼ ਪਸੰਦ ਲੋਕਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਗਤਾਂ ਦੀ ਸਹੂਲਤ ਲਈ ਸਮਾਗਮ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

ਸਮਾਗਮ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਮੇਂ ਦੇ ਹੁਕਮਰਾਨਾਂ ਨੂੰ ਨਸ਼ਿਆਂ ਦੇ ਕੋਹੜ ਖ਼ਿਲਾਫ਼ ਸੁਹਿਰਦਤਾ ਨਾਲ ਜੂਝਣ ਦੀ ਸਮਰੱਥਾ ਬਖ਼ਸ਼ਣ ਲਈ ਵੀ ਅਰਦਾਸ ਕੀਤੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਦੇ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਹਰ ਬਾਸ਼ਿੰਦਾ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਚਾਹੁੰਦਾ ਹੈ। ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਆਪਣੀ ਕੁਰਬਾਨੀ ਸਦਕਾ ਲੋਕਾਂ ਦੇ ਮਨਾਂ ਵਿੱਚ ਵੱਸ ਗਿਆ ਹੈ। ਉਨ੍ਹਾਂ ਕਿਹਾ ਕਿ ਝੋਟਾ ਦੂਜਿਆਂ ਦੇ ਬੱਚਿਆਂ ਨੂੰ ਬਚਾਉਣ ਲਈ ਆਪਣਾ ਆਪਾ ਕੁਰਬਾਨ ਕਰਕੇ ਸਮਾਜ ਨੂੰ ਇਹ ਸੁਨੇਹਾ ਦੇ ਗਿਆ ਹੈ ਕਿ ਨਸ਼ਿਆਂ ਦਾ ਰਾਹ ਬਹੁਤ ਮਾੜਾ ਅਤੇ ਤਬਾਹਕੁੰਨ ਹੈ।

ਸਮੇਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਗਿਆਨੀ ਗੜਗੱਜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਗਏ ਹਨ ਅਤੇ ਉਹ ਸਰਕਾਰਾਂ ਤੋਂ ਸਵਾਲ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਨੂੰ ਰੋਕਣ ਵਾਲੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਵਿਰੁੱਧ ਹੀ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਦੀ ਤਾਜ਼ਾ ਉਦਾਹਰਨ ਅਟਾਰੀ ਵਾਲੇ ਪਾਸੇ ਵਾਪਰੀ ਘਟਨਾ ਨੂੰ ਦੱਸਿਆ।

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਅਸਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਵਾਂਗ ਸਮੁੱਚੇ ਪੰਥ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭੈੜੀ ਅਲਾਮਤ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦੇ ਹਰ ਵਰਗ ਅਤੇ ਪੰਥਕ ਜਥੇਬੰਦੀਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਹੀ ਸ਼ਹੀਦ ਭਾਈ ਪਰਵਿੰਦਰ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਅਖੀਰ ਵਿੱਚ ਉਨ੍ਹਾਂ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।