ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣਾ ਜਾਨਲੇਵਾ ਹੋਇਆ, ਇਹ ਸਭ ਭਗਵੰਤ ਮਾਨ ਦੇ ਰਾਜ 'ਚ ਹੋ ਰਿਹੈ: ਰਾਹੁਲ ਗਾਂਧੀ
- ਪੰਜਾਬ
- (Asia/Kolkata)
# ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣਾ ਜਾਨਲੇਵਾ ਹੋਇਆ: ਰਾਹੁਲ ਗਾਂਧੀ ਨੇ ਭਗਵੰਤ ਮਾਨ ਸਰਕਾਰ 'ਤੇ ਸਾਧਿਆ ਨਿਸ਼ਾਨਾ ਕਾਂਗਰਸ ਨੇ ਵੀਰਵਾਰ ਨੂੰ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਏ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮਾਨਸਾ ਅਤੇ ਸੰਗਰੂਰ ਵਿੱਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਹਿੰਸਾ, ਧਮਕੀਆਂ ਅਤੇ ਮੌਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ 'ਤੇ ਹਮਲਾ ਕਰਦਿਆਂ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲਿਆਂ ਨੂੰ ਕਥਿਤ ਤੌਰ 'ਤੇ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ, “ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨਾ ਹੁਣ ਜਾਨਲੇਵਾ ਬਣ ਗਿਆ ਹੈ। ਅਤੇ ਇਹ ਭਗਵੰਤ ਮਾਨ ਦੀ 'ਆਪ' ਸਰਕਾਰ ਅਧੀਨ ਹੋ ਰਿਹਾ ਹੈ।” ## ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਮਾਮਲਿਆਂ ਦਾ ਜ਼ਿਕਰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ 'ਨਸ਼ਾ ਰੋਕੋ, ਰੋਜ਼ਗਾਰ ਦੋ' ਮੁਹਿੰਮ ਚਲਾਉਣ ਵਾਲੇ ਝੋਟਾ ਨੂੰ ਦਿਨ-ਦਿਹਾੜੇ ਗੋਲੀ ਮਾਰ ਦਿੱਤੀ ਗਈ ਸੀ। ਇਹ ਘਟਨਾ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕੈਮਰੇ ਵਿੱਚ ਕੈਦ ਹੋ ਗਈ ਸੀ। ਉਨ੍ਹਾਂ ਨੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਦਾ ਵੀ ਜ਼ਿਕਰ ਕੀਤਾ। ਰਾਹੁਲ ਗਾਂਧੀ ਅਨੁਸਾਰ, ਗੁਲਜ਼ਾਰ ਸਿੰਘ ਨੇ ਆਪਣੇ ਪਿੰਡ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਮੰਤਰੀ ਦੇ ਸਾਹਮਣੇ ਉਠਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਗੁਲਜ਼ਾਰ 'ਤੇ ਮੁਆਫ਼ੀ ਮੰਗਣ ਲਈ ਦਬਾਅ ਪਾਇਆ ਗਿਆ। ਬਾਅਦ ਵਿੱਚ ਉਨ੍ਹਾਂ ਦੀ ਮੌਤ ਖ਼ੁਦਕੁਸ਼ੀ ਕਾਰਨ ਹੋ ਗਈ। ##
ਪੁਲਿਸ ਕਾਰਵਾਈ 'ਤੇ ਵੀ ਚੁੱਕੇ ਸਵਾਲ
ਰਾਹੁਲ ਗਾਂਧੀ ਨੇ ਸੰਗਰੂਰ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਨਾਲ ਕਥਿਤ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਹੈ। ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਰਾਹੁਲ ਨੇ ਦੋਸ਼ ਲਗਾਇਆ ਕਿ ਨਸ਼ਾ ਵਿਰੋਧੀ ਕਾਰਕੁਨ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪਹਿਲਾਂ ਇੱਕ ਐਫਆਈਆਰ ਦਰਜ ਕੀਤੀ ਗਈ, ਪਰ ਬਾਅਦ ਵਿੱਚ ਪੁਲਿਸ ਨੇ ਝੋਟਾ ਵਿਰੁੱਧ ਵੀ ਮਾਮਲਾ ਦਰਜ ਕਰ ਲਿਆ। ਰਾਹੁਲ ਗਾਂਧੀ ਨੇ ਸਵਾਲ ਕੀਤਾ, “ਜਦੋਂ ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀ ਨੂੰ ਹੀ ਮੁਲਜ਼ਮ ਬਣਾ ਦਿੱਤਾ ਜਾਂਦਾ ਹੈ, ਤਾਂ ਨਸ਼ਾ ਤਸਕਰ ਬਿਨਾਂ ਕਿਸੇ ਡਰ ਦੇ ਕੰਮ ਕਿਉਂ ਨਹੀਂ ਕਰਨਗੇ?” ##
ਪੰਜਾਬ ਸਰਕਾਰ ਤੋਂ ਜਵਾਬਦੇਹੀ ਦੀ ਮੰਗ
ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬਦੇਹੀ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਚੁਣੌਤੀ ਦੇਣ ਵਾਲਿਆਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ। ਉਨ੍ਹਾਂ ਕਿਹਾ, “ਕਾਂਗਰਸ ਉਦੋਂ ਤੱਕ ਆਰਾਮ ਨਹੀਂ ਕਰੇਗੀ, ਜਦੋਂ ਤੱਕ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਰਹੇ ਇਸ ਨਸ਼ਾ ਸਾਮਰਾਜ ਨੂੰ ਖ਼ਤਮ ਨਹੀਂ ਕਰ ਦਿੱਤਾ ਜਾਂਦਾ।”