Punjab Infoline

ਪੰਜਾਬੀ

ਪੰਜਾਬ ਦੇ ਸ਼ੁਤਰਾਣਾ ’ਚ AAP ਨੂੰ ਵੱਡਾ ਝਟਕਾ, 20 ਦੇ ਕਰੀਬ ਆਗੂਆਂ ਨੇ ਦਿੱਤੇ ਅਸਤੀਫ਼ੇ

17 Oct, 2026 07:58 PM

ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਵਲੰਟੀਅਰਾਂ ਅਤੇ ਨਸ਼ਾ ਮੁਕਤੀ ਲਈ ਕੰਮ ਕਰਨ ਵਾਲੇ ਆਗੂਆਂ ਨੇ ਅਸਤੀਫ਼ੇ ਦੇ ਦਿੱਤੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਵੱਲੋਂ ਸੰਗਰੂਰ ਰੋਡ ਸਥਿਤ ਹੋਟਲ ਰੁਤਬਾ ਵਿੱਚ ਮੀਟਿੰਗ ਸੱਦੀ ਗਈ।

ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੀ ਹੈ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕਿੰਨੇ ਵਿਅਕਤੀ ਅਸਤੀਫ਼ੇ ਦੇਣਗੇ, ਪਰ ਸ਼ੁਤਰਾਣਾ ਵਿੱਚ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।

ਇਸ ਮੌਕੇ ‘ਆਪ’ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਕਰੀਬ 20 ਆਗੂਆਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ।

ਰਣਜੀਤ ਸਿੰਘ ਨੇ ਕਿਹਾ ਕਿ ਜਦੋਂ ਉਹ ਲੋਕਾਂ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਸਮੇਂ ‘ਆਪ’ ਕਿੱਥੇ ਸੀ ਅਤੇ ਝੋਟਾ ਵੱਲੋਂ ਪੁਲਿਸ ਨੂੰ ਦਿੱਤੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਆਗੂਆਂ ਨੇ ਇਹ ਵੀ ਰੋਸ ਜਤਾਇਆ ਕਿ ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਅਪੀਲ ਕੀਤੀ ਸੀ ਕਿ ਨਸ਼ਿਆਂ ਦੇ ਮੁੱਦੇ ’ਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ। ਉਨ੍ਹਾਂ ਮੁਤਾਬਕ, ਇਸ ਅਪੀਲ ’ਤੇ ਹਾਈ ਕਮਾਂਡ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

ਇਸ ਤੋਂ ਪਹਿਲਾਂ ਵੀ ਤਿੰਨ ਆਗੂਆਂ ਦੇ ਅਸਤੀਫ਼ੇ ਸਾਹਮਣੇ ਆਏ ਸਨ। ਇਨ੍ਹਾਂ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ, ਗੋਲਡੀ ਬਰਾਸ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਰਿੰਦਰ ਸਿੰਘ ਹਰਿਆਊ ਸ਼ਾਮਲ ਹਨ।

Latest News