Punjab Infoline

ਪੰਜਾਬੀ

Chitkara University ਹੰਗਾਮਾ ਮਾਮਲਾ: ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼, 2 ਮੁਲਜ਼ਮ ਕਾਬੂ

02 Oct, 2026 08:56 PM

ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਟਿਆਲਾ ਪੁਲਿਸ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਿਮਾਂਸ਼ੂ, ਵਾਸੀ ਨੰਗਲ, ਅਤੇ ਆਰੀਅਨ, ਵਾਸੀ ਅੰਬਾਲਾ ਵਜੋਂ ਹੋਈ ਹੈ। ## ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸੰਦੇਸ਼ਾਂ ਦੀ ਬਾਰੀਕੀ ਨਾਲ ਜਾਂਚ ਘਟਨਾ ਤੋਂ ਬਾਅਦ ਇਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਬਨੂੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਮੁਤਾਬਕ ਜਾਂਚ ਦੌਰਾਨ ਵਿਦਿਆਰਥੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫੈਲਾਏ ਗਏ ਸੰਦੇਸ਼ਾਂ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਵਿੱਚ ਪੁਲਿਸ ਮੁਤਾਬਕ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਗੁੰਮਰਾਹਕੁੰਨ ਸੰਦੇਸ਼ ਫੈਲਾਏ ਅਤੇ ਵਿਦਿਆਰਥੀਆਂ ਨੂੰ ਭੜਕਾਉਣ ਤੇ ਉਕਸਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੇ ਅਨੁਸਾਰ ਇਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਤਣਾਅਪੂਰਨ ਹੋ ਗਈ। ## 2 ਗ੍ਰਿਫ਼ਤਾਰ, 10 ਹੋਰ ਨਾਮਜ਼ਦ ਪਟਿਆਲਾ ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਕੁੱਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 10 ਹੋਰਨਾਂ ਨੂੰ ਐਫ.ਆਈ.ਆਰ. ਵਿੱਚ ਨਾਮਜ਼ਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ ’ਤੇ ਭੇਜੀਆਂ ਗਈਆਂ ਹਨ। ਪੁਲਿਸ ਵੱਲੋਂ ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਰਕਾਰੀ ਫਰਜ਼ ਨਿਭਾਉਣ ਵਿੱਚ ਰੁਕਾਵਟ ਪਾਉਣ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Latest News