ਭਾਈ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਨਿਰਮਲ ਸਿੰਘ ਸੇਖਣਮਾਜਰਾ ਦੀ ਅਗਵਾਈ ਹੇਠ ਵਿਧਾਇਕ ਦੇ ਘਰ ਦਾ ਘਿਰਾਓ

ਭਾਈ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਨਿਰਮਲ ਸਿੰਘ ਸੇਖਣਮਾਜਰਾ ਦੀ ਅਗਵਾਈ ਹੇਠ ਵਿਧਾਇਕ ਦੇ ਘਰ ਦਾ ਘਿਰਾਓ

ਰਾਜਪੁਰਾ, 19 ਅਕਤੂਬਰ (ਰਾਜੇਸ਼ ਡਾਹਰਾ): 
 

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਰਾਜਪੁਰਾ ਸ. ਨਿਰਮਲ ਸਿੰਘ ਸੇਖਣਮਾਜਰਾ ਦੀ ਅਗਵਾਈ ਹੇਠ ਸਮੂਹ ਸੰਗਤ ਵੱਲੋਂ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵਿਧਾਇਕਾ ਨੂੰ ਲਾਹਨਤੀ ਪੱਤਰ ਸੌਂਪਦਿਆਂ ਭਾਈ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਇਨਸਾਫ਼ ਦੇਣ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
 


 

ਇਸ ਮੌਕੇ ਆਗੂਆਂ ਨੇ ਕਿਹਾ ਕਿ 13 ਅਕਤੂਬਰ 2026 ਨੂੰ ਮਾਨਸਾ ਵਿਖੇ ਭਾਈ ਪਰਵਿੰਦਰ ਸਿੰਘ ਝੋਟੇ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ, ਪੁਲਿਸ ਅਤੇ ਸੱਤਾਧਾਰੀ ਨੁਮਾਇੰਦਿਆਂ ਵਿਚਕਾਰ ਕਥਿਤ ਗਠਜੋੜ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
 

ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਅਤੇ ਡੀਜੀਪੀ ਪੰਜਾਬ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਹਿਮਤੀ ਨਾਲ ਭਾਈ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ ਅਤੇ ਕਤਲ ਦੇ ਮਾਮਲੇ ਸਮੇਤ ਕਥਿਤ ਨਸ਼ਾ ਤਸਕਰ-ਪੁਲਿਸ-ਸਿਆਸੀ ਗਠਜੋੜ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।
 


 

ਇਸ ਤੋਂ ਇਲਾਵਾ ਮੰਗ ਕੀਤੀ ਗਈ ਕਿ ਮਾਨਸਾ ਦੇ ਦੋਵੇਂ ਐੱਸਐੱਚਓਜ਼, ਡੀਐੱਸਪੀ ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ, ਘਟਨਾ ਵਾਲੀ ਦੁਕਾਨ ਨੂੰ ਢਾਹਿਆ ਜਾਵੇ ਅਤੇ ਖਿਆਲਾ ਕਲਾਂ ਵਿਖੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਇਆ ਜਾਵੇ। ਆਗੂਆਂ ਨੇ ਕਤਲ ਦੇ ਦੋਸ਼ੀਆਂ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਸਖ਼ਤ ਸਜ਼ਾਵਾਂ ਦੇਣ, ਹਮਲੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਸਰਕਾਰੀ ਖ਼ਰਚੇ ’ਤੇ ਉੱਚ ਪੱਧਰੀ ਸਿਹਤ ਸੰਸਥਾ ਵਿੱਚ ਕਰਵਾਉਣ ਅਤੇ ਹਰੇਕ ਜ਼ਖ਼ਮੀ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।
 

ਵਿਧਾਇਕਾ ਨੀਨਾ ਮਿੱਤਲ ਨੂੰ ਸਵਾਲ ਕਰਦਿਆਂ ਆਗੂਆਂ ਨੇ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਉਹ ਭਾਈ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਨਸ਼ਿਆਂ ਤੋਂ ਪੀੜਤ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ ਜਾਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਵਾਲੇ ਤੰਤਰ ਨਾਲ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।