Punjab Drug Crisis: ਨਸ਼ੇ ਬੰਦ ਨਾ ਹੋਣ ਦਾ ਹਿਸਾਬ ਆਉਣ ਵਾਲੀਆਂ ਵੋਟਾਂ ਮੌਕੇ ਸਰਕਾਰਾਂ ਤੋਂ ਮੰਗਣਗੇ ਲੋਕ: ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਅਤੇ ਇਸ ਨੂੰ ਠੱਲ੍ਹਣ ਵਿੱਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਨ ਉਪਰੰਤ ਜਥੇਦਾਰ ਗੜਗੱਜ ਨੇ ਕਿਹਾ ਕਿ ਲੋਕ ਹੁਣ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਕਜੁੱਟ ਹੋਣਗੇ। ਆਉਣ ਵਾਲੀਆਂ ਵੋਟਾਂ ਮੌਕੇ ਲੋਕ ਸਰਕਾਰਾਂ ਤੋਂ ਸਵਾਲ ਪੁੱਛਣਗੇ ਕਿ ਉਹ ਨਸ਼ੇ ਬੰਦ ਕਰਵਾਉਣ ਵਿੱਚ ਕਿਉਂ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਲਈ ਸੁਹਿਰਦਤਾ ਦਿਖਾਉਣੀ ਪਵੇਗੀ।
ਸੋਨੀਆ ਗਾਂਧੀ ਦੀ ਕਿਤਾਬ ਵਿੱਚ ਸਾਕਾ ਨੀਲਾ ਤਾਰਾ ਸਬੰਧੀ ਪੇਸ਼ ਕੀਤੇ ਤੱਥਾਂ ਨੂੰ ਗ਼ੈਰਵਾਜਬ ਕਰਾਰ ਦਿੰਦਿਆਂ ਗਿਆਨੀ ਗੜਗੱਜ ਨੇ ਕਿਹਾ ਕਿ ਕਾਂਗਰਸ ਨੂੰ ਸਿੱਖ ਕੌਮ ਤੋਂ ਆਪਣੇ ਗੁਨਾਹਾਂ ਲਈ ਖੁੱਲ੍ਹੇ ਦਿਲ ਨਾਲ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਬਾਬਾ ਪ੍ਰੀਤਮ ਸਿੰਘ ਮੱਲੜੀ ਵੀ ਮੌਜੂਦ ਸਨ।