ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ, ਬੇਅਦਬੀ ਕਾਨੂੰਨ ਤੇ ਪਰਵਿੰਦਰ ਝੋਟਾ ਮਾਮਲੇ ’ਤੇ ਹੰਗਾਮੇ ਦੇ ਆਸਾਰ
- ਪੰਜਾਬ
- (Asia/Kolkata)
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਵੀਰਵਾਰ, 22 ਅਕਤੂਬਰ 2026 ਨੂੰ ਸਵੇਰੇ 11 ਵਜੇ ਵਿਧਾਨ ਭਵਨ, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗਾ। ਇਹ ਸੈਸ਼ਨ 27 ਅਕਤੂਬਰ ਤੱਕ ਜਾਰੀ ਰਹੇਗਾ। ਸੈਸ਼ਨ ਦੌਰਾਨ ਬੇਅਦਬੀ ਕਾਨੂੰਨ ਵਿੱਚ ਸੋਧਾਂ, ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਮੇਤ ਕਈ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜ਼ਨਸ ਇਨ ਦ ਪੰਜਾਬ ਵਿਧਾਨ ਸਭਾ’ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ ਇਹ ਸੈਸ਼ਨ ਸੱਦਿਆ ਹੈ। ਵਿਧਾਨ ਸਭਾ ਦਾ ਸੈਸ਼ਨ 10 ਅਗਸਤ 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਗੈਰ-ਸਰਕਾਰੀ ਕੰਮਕਾਜ ਕੀਤਾ ਜਾਵੇਗਾ। ਇਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ।
ਪਰਵਿੰਦਰ ਝੋਟਾ ਮਾਮਲਾ ਵੀ ਰਹੇਗਾ ਅਹਿਮ
ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਵੀ ਵਿਧਾਨ ਸਭਾ ਸੈਸ਼ਨ ਦੌਰਾਨ ਅਹਿਮ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੇ ਜਾਣ ਦੇ ਆਸਾਰ ਹਨ। ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਮਤਾ ਪਾਸ ਕੀਤੇ ਜਾਣ ਦੀ ਵੀ ਸੰਭਾਵਨਾ ਹੈ।