ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਕੇਂਦਰ ਸਰਕਾਰ ਵੱਲੋ ਸਜਾ ਕੱਟ ਚੁੱਕੇ 8 ਬੰਦੀ ਸਿੱਖਾ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟ ਕੀਤੀ ਹੈ ਅਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਰਿਹਾਈ ਸਮੁਚੇ ਸਿੰਘਾਂ ਦੀ ਹੋਣੀ ਚਾਹੀਦੀ ਹੈ ਜੋ ਸਜ਼ਾ ਕੱਟ ਚੁੱਕੇ ਹਨ ਤੇ ਜੇਲ੍ਹਾਂ ਵਿੱਚ ਬੰਦ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਨੀਤ ਸਿੰਘ ਬਿੱਟੂ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬਦਲਣ ਦਾ ਵਿਰੋਧ ਕੀਤੇ ਜਾਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਕਿਹਾ ਭਾਰਤ ਅੰਦਰ ਸਿੱਖਾਂ ਨਾਲ ਬੇਇਨਸਾਫੀ ਹੋ ਰਹੀ ਹੈ, ਕਿਉਂਕਿ ਜੇਲਾਂ ਵਿਚ ਆਪਣੀਆਂ ਸਜਾਵਾਂ ਕੱਟ ਚੁੱਕੇ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿੰਘਾਂ ਦੇ ਬਾਹਰ ਆਉਣ ਨਾਲ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਵੇਗਾ। ਉਨ੍ਹਾਂ ਨੇ ਉਕਤ ਮੁਆਫ਼ੀ ਦਾ ਵਿਰੋਧ ਕੀਤੇ ਜਾਣ ਨੂੰ ਸਿੱਖ ਵਿਰੋਧੀ ਮਾਨਸਿਕਤਾ ਕਰਾਰ ਦਿੱਤਾ ਹੈ।