ਤਰਨ ਤਾਰਨ 'ਚ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਭਿਆਨਕ ਟੱਕਰ, 4 ਸ਼ਰਧਾਲੂਆਂ ਦੀ ਮੌਤ, ਦਰਜਨ ਤੋਂ ਵੱਧ ਜ਼ਖ਼ਮੀ

ਤਰਨ ਤਾਰਨ 'ਚ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਭਿਆਨਕ ਟੱਕਰ, 4 ਸ਼ਰਧਾਲੂਆਂ ਦੀ ਮੌਤ, ਦਰਜਨ ਤੋਂ ਵੱਧ ਜ਼ਖ਼ਮੀ

ਤਰਨ ਤਾਰਨ, 14 ਨਵੰਬਰ 2026: ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲ ਰਹੀਆਂ ਦੋ ਬੱਸਾਂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਕਰੀਬ 10 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਹਾਦਸਾ ਸ਼ਾਮ ਕਰੀਬ 4 ਵਜੇ ਨੌਸ਼ਹਿਰਾ ਪੰਨੂਆਂ ਨੇੜੇ ਨੈਸ਼ਨਲ ਹਾਈਵੇਅ-54 'ਤੇ ਵਾਪਰਿਆ। ਦੋਵਾਂ ਬੱਸਾਂ ਵਿੱਚ ਕੁੱਲ ਕਰੀਬ 37 ਸ਼ਰਧਾਲੂ ਸਵਾਰ ਸਨ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਦੱਸੀ ਜਾ ਰਹੀ ਹੈ।

ਮੋਟਰਸਾਈਕਲ ਨੂੰ ਬਚਾਉਣ ਦੌਰਾਨ ਵਾਪਰਿਆ ਹਾਦਸਾ

ਮੁੱਢਲੀ ਜਾਣਕਾਰੀ ਅਨੁਸਾਰ ਇੱਕ ਬੱਸ ਦੇ ਸਾਹਮਣੇ ਅਚਾਨਕ ਮੋਟਰਸਾਈਕਲ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਚਾਲਕ ਸੰਤੁਲਨ ਗੁਆ ਬੈਠਾ ਅਤੇ ਬੱਸ ਡਿਵਾਈਡਰ ਪਾਰ ਕਰਕੇ ਸਾਹਮਣਿਓਂ ਆ ਰਹੀ ਦੂਜੀ ਤੀਰਥ ਯਾਤਰਾ ਬੱਸ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ।

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ, ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਨੇ ਬਚਾਅ ਕਾਰਜ ਸ਼ੁਰੂ ਕੀਤੇ। ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਸਿਵਲ ਸਰਜਨ ਡਾ. ਸੰਦੀਪ ਧਵਨ ਵੱਲੋਂ ਐਮਰਜੈਂਸੀ ਪ੍ਰਬੰਧ ਕੀਤੇ ਗਏ।

ਐੱਸਐੱਸਪੀ ਸੁਰਿੰਦਰ ਲਾਂਬਾ ਅਨੁਸਾਰ ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ ਅਤੇ ਰਾਹਤ ਕਾਰਜ ਜਾਰੀ ਸਨ। ਹਾਦਸੇ ਕਾਰਨ ਹਾਈਵੇਅ 'ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।