Punjab Infoline

ਪੰਜਾਬੀ

ਨਸ਼ਿਆਂ ਵਿਰੁੱਧ ਕਾਲਾਂਵਾਲੀ ਵਿੱਚ ਯੂਥ ਮੈਰਾਥਨ ਵਿਸ਼ਾਲ ਕਾਨਫਰੰਸ ਵਿੱਚ ਮੁੱਖ ਮੰਤਰੀ ਸੈਣੀ ਅਤੇ ਜਥੇਦਾਰ ਦਾਦੂਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੱਦਾ

22 Nov, 2026 07:02 PM

ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਬੱਚਿਆਂ ਅਤੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ
 

ਤਲਵੰਡੀ ਸਾਬੋ, 22 ਨਵੰਬਰ (ਗੁਰਜੰਟ ਸਿੰਘ ਨਥੇਹਾ)- ਕਾਲਾਂਵਾਲੀ ਮੰਡੀ ਵਿਖੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਚੇਤਨਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਕਰਵਾਈ ਗਈ ਯੂਥ ਮੈਰਾਥਨ ਯਾਤਰਾ ਅਤੇ ਵਿਸ਼ਾਲ ਕਾਨਫਰੰਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ, ਬੱਚਿਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਅਤੇ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਨਸ਼ਾ ਅੱਜ ਸਾਡੇ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਨਸ਼ਿਆਂ ਕਾਰਨ ਜਿੱਥੇ ਨੌਜਵਾਨ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਰਿਹਾ ਹੈ, ਉੱਥੇ ਹੀ ਅਨੇਕਾਂ ਪਰਿਵਾਰਾਂ ਦੀਆਂ ਖੁਸ਼ੀਆਂ ਵੀ ਉੱਜੜ ਰਹੀਆਂ ਹਨ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ, ਧਾਰਮਿਕ ਗਤੀਵਿਧੀਆਂ ਅਤੇ ਸਮਾਜ ਸੇਵਾ ਨਾਲ ਜੁੜਨ। ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਬੱਚਿਆਂ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਅਤੇ ਘਰ-ਘਰ ਜਾਗਰੂਕਤਾ ਪਹੁੰਚਾਉਣ ਦੀ ਲੋੜ ਹੈ। ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਮੈਰਾਥਨ ਦੌੜ ਵਿੱਚ ਪਹਿਲੇ ਦੂਜੇ ਤੀਜੇ ਸਥਾਨ ਤੇ ਆਉਣ ਵਾਲਿਆਂ ਨੂੰ ਲੱਖਾਂ ਰੁਪਈਏ ਦੇ ਇਨਾਮ ਵੀ ਮੌਕੇ ਤੇ ਦਿੱਤੇ ਗਏ। ਕਾਨਫਰੰਸ ਦੌਰਾਨ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੰਦੇਸ਼ ਦਿੱਤਾ ਗਿਆ। ਇਲਾਕਾ ਨਿਵਾਸੀਆਂ ਦੀ ਵੱਡੀ ਸ਼ਮੂਲੀਅਤ ਨੇ ਇਸ ਮੁਹਿੰਮ ਪ੍ਰਤੀ ਲੋਕਾਂ ਦੀ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਜਾਗਰ ਕੀਤਾ।

Latest News