ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ 63% ਡੀਏ ਦੇਣ ਦਾ ਕੇਵਲ ਸਿੰਘ ਢਿੱਲੋਂ ਦਾ ਵਾਅਦਾ

ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ 63% ਡੀਏ ਦੇਣ ਦਾ ਕੇਵਲ ਸਿੰਘ ਢਿੱਲੋਂ ਦਾ ਵਾਅਦਾ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਾਅਦਾ ਕੀਤਾ ਹੈ ਕਿ ਜੇਕਰ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ 63 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਦਿੱਤਾ ਜਾਵੇਗਾ। ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 3 ਫ਼ੀਸਦੀ ਵਾਧੇ ਦੇ ਫ਼ੈਸਲੇ ਦਾ ਸਵਾਗਤ ਕੀਤਾ।

ਢਿੱਲੋਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ’ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝੇ ਰੱਖਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਲਗਾਤਾਰ ਘੱਟ ਦਰ ’ਤੇ ਡੀਏ ਮਿਲ ਰਿਹਾ ਹੈ।

ਹਾਈਕੋਰਟ ਦੇ ਨਿਰਦੇਸ਼ ਲਾਗੂ ਨਾ ਕਰਨ ਦਾ ਲਾਇਆ ਦੋਸ਼

ਭਾਜਪਾ ਪ੍ਰਧਾਨ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰੀ ਮੁਲਾਜ਼ਮਾਂ ਦੀ ਤਰਜ਼ ’ਤੇ ਡੀਏ ਵਿੱਚ ਬਰਾਬਰੀ ਦੇਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਈਕੋਰਟ ਨੇ ਹਾਲ ਹੀ ਵਿੱਚ ਇਸ ਮਾਮਲੇ ਵਿੱਚ ਪੰਜਾਬ ਸਰਕਾਰ ’ਤੇ 1 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ ਅਤੇ ਸਰਕਾਰ ਨੂੰ ਅਦਾਲਤ ਵਿੱਚ ਮੁਆਫ਼ੀ ਵੀ ਮੰਗਣੀ ਪਈ ਹੈ।

ਢਿੱਲੋਂ ਮੁਤਾਬਕ, ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (SLP) ਵੀ ਦਾਇਰ ਕੀਤੀ ਸੀ, ਪਰ ਅਜੇ ਤੱਕ ਇਸ ਮਾਮਲੇ ਦੀ ਸੁਣਵਾਈ ਨਹੀਂ ਹੋਈ ਹੈ।

ਕਰੀਬ ਅੱਠ ਲੱਖ ਮੁਲਾਜ਼ਮਾਂ ਦੇ ਬਕਾਏ ਦਾ ਮੁੱਦਾ ਚੁੱਕਿਆ

ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਕਰੀਬ ਅੱਠ ਲੱਖ ਮੁਲਾਜ਼ਮ ਆਪਣੇ ਡੀਏ ਦੇ ਬਕਾਏ ਜਾਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਭਵਿੱਖ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਮੁਲਾਜ਼ਮਾਂ ਦੇ ਸਾਰੇ ਬਕਾਇਆ ਡੀਏ ਏਰੀਅਰ ਕਲੀਅਰ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ।