ਕੋਟਬਖਤੂ ਵਿੱਚ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਰੈਲੀ ਵਿੱਚ ਉਮੜਿਆ ਲੋਕਾਂ ਦਾ ਇਕੱਠ, 2027 ਵਿੱਚ ਸਰਕਾਰ ਬਣਨ ’ਤੇ ਧੀਆਂ ਦੇ ਵਿਆਹ ਲਈ ਮਿਲੇਗਾ ਇੱਕ ਲੱਖ ਰੁਪਏ ਸ਼ਗਨ

ਕੋਟਬਖਤੂ ਵਿੱਚ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਰੈਲੀ ਵਿੱਚ ਉਮੜਿਆ ਲੋਕਾਂ ਦਾ ਇਕੱਠ, 2027 ਵਿੱਚ ਸਰਕਾਰ ਬਣਨ ’ਤੇ ਧੀਆਂ ਦੇ ਵਿਆਹ ਲਈ ਮਿਲੇਗਾ ਇੱਕ ਲੱਖ ਰੁਪਏ ਸ਼ਗਨ

(ਹਰ ਪਰਿਵਾਰ ਨੂੰ 50 ਕਿਲੋ ਕਣਕ ਅਤੇ ਬੇਘਰੇ ਲੋਕਾਂ ਨੂੰ ਪਲਾਟ ਤੇ ਮਕਾਨ ਦੇਣ ਦਾ ਵਾਅਦਾ- ਗੁਲਜ਼ਾਰ ਸਿੰਘ ਰਣੀਕੇ)
 

ਤਲਵੰਡੀ ਸਾਬੋ, 25 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਬਖਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ। ਇਹ ਰੈਲੀ ਤਲਵੰਡੀ ਸਾਬੋ ਤੋਂ ਪਾਰਟੀ ਦੇ ਹਲਕਾ ਇੰਚਾਰਜ ਅਤੇ ਵਿਧਾਨ ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ। ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਦੇਖਣ ਨੂੰ ਮਿਲੀ। ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਐਲਾਨ ਕੀਤਾ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਧੀਆਂ ਦੇ ਵਿਆਹ ਲਈ ਇੱਕ ਲੱਖ ਰੁਪਏ ਸ਼ਗਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰ ਪਰਿਵਾਰ ਨੂੰ 50 ਕਿਲੋ ਕਣਕ ਮੁਹੱਈਆ ਕਰਵਾਈ ਜਾਵੇਗੀ ਅਤੇ ਬੇਘਰੇ ਲੋਕਾਂ ਨੂੰ ਪਲਾਟ ਤੇ ਮਕਾਨ ਦੇਣ ਸਮੇਤ ਹੋਰ ਕਈ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਦੇ ਆਧਾਰ ’ਤੇ ਲੋਕ ਭਲਾਈ ਦੀਆਂ ਯੋਜਨਾਵਾਂ ਲਾਗੂ ਕਰੇਗੀ। ਰਣੀਕੇ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਸਮੇਂ ਅਨੁਸੂਚਿਤ ਜਾਤੀਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ। ਹਾਲਾਂਕਿ, ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਨ੍ਹਾਂ ਯੋਜਨਾਵਾਂ ਨੂੰ ਅੱਗੇ ਵਧਾਉਣ ਦੀ ਬਜਾਏ ਬੰਦ ਕਰ ਦਿੱਤਾ। ਗੁਲਜ਼ਾਰ ਸਿੰਘ ਰਣੀਕੇ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ਅਨੁਸਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕੜੀ’ ’ਤੇ ਮੋਹਰ ਲਗਾ ਕੇ ਰਵੀਪ੍ਰੀਤ ਸਿੰਘ ਸਿੱਧੂ ਨੂੰ ਜਿਤਾਇਆ ਜਾਵੇ। ਰੈਲੀ ਦੌਰਾਨ ਅਨੁਸੂਚਿਤ ਜਾਤੀ ਭਾਈਚਾਰੇ ਦੇ ਹੱਕਾਂ, ਭਲਾਈ ਯੋਜਨਾਵਾਂ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਰੈਲੀ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ ਸਮੇਤ ਐੱਸ.ਸੀ. ਵਿੰਗ ਦੇ ਕਈ ਅਹੁਦੇਦਾਰਾਂ ਨੇ ਵੀ ਸੰਬੋਧਨ ਕੀਤਾ। ਇਨ੍ਹਾਂ ਵਿੱਚ ਗੁਰਜੀਤ ਸਿੰਘ ਕੋਟਬਖਤੂ, ਸਾਬਕਾ ਚੇਅਰਮੈਨ, ਦਵਿੰਦਰ ਸਿੰਘ ਕੋਟਬਖਤੂ, ਬਲਕਰਨ ਸਿੰਘ ਸਾਬਕਾ ਸਰਪੰਚ ਪੱਕਾ ਕਲਾਂ, ਜਸਵਿੰਦਰ ਸਿੰਘ ਜੈਲਦਾਰ, ਰਾਜਵੰਤ ਸਿੰਘ ਕੋਟਭਾਰਾ, ਜਗਦੀਪ ਸਿੰਘ ਗੇਹਰੀ, ਜਗੀਰ ਸਿੰਘ ਅਤੇ ਭੋਲਾ ਸਿੰਘ ਸੇਖੂ ਸ਼ਾਮਲ ਸਨ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਰੈਲੀ ਵਿੱਚ ਪਹੁੰਚੇ ਪਾਰਟੀ ਦੇ ਅਹੁਦੇਦਾਰਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਧਾਇਕ ਚੁਣੇ ਜਾਣ ’ਤੇ ਉਹ ਹਲਕੇ ਦੇ ਲੋਕਾਂ ਦੇ ਕੰਮ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਹਮੇਸ਼ਾ ਤਤਪਰ ਰਹਿਣਗੇ।