ਭੰਮੇ ਕਲਾਂ ਪਹੁੰਚੀ ਹਰਸਿਮਰਤ ਕੌਰ ਬਾਦਲ, ਦਲਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ
ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਦੇਰ ਸ਼ਾਮ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਪਹੁੰਚੇ। ਉਨ੍ਹਾਂ ਨੇ ਸ਼ੱਕੀ ਹਾਲਾਤ ਵਿੱਚ ਜਾਨ ਗੁਆਉਣ ਵਾਲੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟਾਈ ਅਤੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਐੱਸਐੱਸਪੀ ਮਾਨਸਾ ਵੈਭਵ ਚੌਧਰੀ ਨਾਲ ਫ਼ੋਨ ’ਤੇ ਗੱਲਬਾਤ ਵੀ ਕੀਤੀ।
ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਦੀ 27 ਅਕਤੂਬਰ ਨੂੰ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਗਟ ਕਰ ਰਹੇ ਲੋਕ ਜਦੋਂ ਉਸ ਦੀ ਮ੍ਰਿਤਕ ਦੇਹ ਮਾਨਸਾ ਵੱਲ ਲਿਜਾ ਰਹੇ ਸਨ ਤਾਂ ਰਾਮਦਿੱਤੇਵਾਲਾ ਚੌਕ ਵਿੱਚ ਪੁਲਿਸ ਨੇ ਦੇਹ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਉਸ ਨੂੰ ਕਿਸੇ ਅਣਦੱਸੀ ਥਾਂ ’ਤੇ ਲੈ ਗਈ ਸੀ। ਇਸ ਘਟਨਾ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਸੀ।
ਐੱਸਐੱਸਪੀ ਮਾਨਸਾ ਨਾਲ ਫ਼ੋਨ ’ਤੇ ਕੀਤੀ ਗੱਲਬਾਤ
ਹਰਸਿਮਰਤ ਕੌਰ ਬਾਦਲ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਨੇ ਮੌਕੇ ’ਤੇ ਹੀ ਐੱਸਐੱਸਪੀ ਮਾਨਸਾ ਵੈਭਵ ਚੌਧਰੀ ਨਾਲ ਫ਼ੋਨ ’ਤੇ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਨਸਾਫ਼ ਲਈ ਇਸ ਮਾਮਲੇ ਵਿੱਚ ਆਵਾਜ਼ ਉਠਾਈ ਜਾਵੇਗੀ।
ਦਲਜੀਤ ਸਿੰਘ ਦੀ ਮੌਤ ਮਾਮਲੇ ਵਿੱਚ NHRC ਨੇ ਜਾਰੀ ਕੀਤਾ ਸੀ ਨੋਟਿਸ
ਜ਼ਿਕਰਯੋਗ ਹੈ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਮਾਨਸਾ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ (Action Taken Report) ਸੌਂਪਣ ਲਈ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤੇ ਸਨ।
NHRC ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਇਹ ਨੋਟਿਸ ਹਰਮਨਦੀਪ ਮਹਿਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਜਾਰੀ ਕੀਤੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਈ ਸੀ ਅਤੇ ਜਦੋਂ ਪਰਿਵਾਰਕ ਮੈਂਬਰ ਤੇ ਸਮਰਥਕ ਪੁਲਿਸ ਤੋਂ ਜਵਾਬ ਮੰਗ ਰਹੇ ਸਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਪੰਜਾਬ ਪੁਲਿਸ ਉਸ ਦੀ ਲਾਸ਼ ਚੁੱਕ ਕੇ ਲੈ ਗਈ ਸੀ।