Punjab Infoline

ਪੰਜਾਬੀ

Punjab Assembly Elections: ‘ਆਪ’ ਦੀ ਦੂਜੀ ਸੂਚੀ ਮਗਰੋਂ ਪਾਰਟੀ ’ਚ ਬਗਾਵਤ, ਰਾਜਾਸਾਂਸੀ ਦੇ ਤਿੰਨ ਆਗੂਆਂ ਨੇ ਦਿੱਤੇ ਅਸਤੀਫ਼ੇ

14 Nov, 2026 08:47 AM

ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਮਗਰੋਂ ਪਾਰਟੀ ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਟਿਕਟਾਂ ਮਿਲਣ ਵਾਲੇ ਆਗੂਆਂ ਦੇ ਘਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ, ਜਦਕਿ ਟਿਕਟ ਤੋਂ ਵਾਂਝੇ ਰਹਿ ਗਏ ਕਈ ਚਾਹਵਾਨਾਂ ਨੇ ਨਾਰਾਜ਼ਗੀ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ। ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਉਮੀਦਵਾਰ ਬਣਾਏ ਜਾਣ ਮਗਰੋਂ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੇ ਅਸਤੀਫ਼ੇ ਦੇ ਦਿੱਤੇ ਹਨ। ਇਸ ਦੇ ਨਾਲ ਹੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੀ ਹਰ ਹਾਲ ਵਿੱਚ ਚੋਣ ਲੜਨ ਦਾ ਐਲਾਨ ਕੀਤਾ ਹੈ।

‘ਆਪ’ ਨੇ ਆਪਣੀ ਪਹਿਲੀ ਸੂਚੀ ਵਿੱਚ ਮੌਜੂਦਾ 40 ਵਿਧਾਇਕਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਸੀ। ਦੂਜੀ ਸੂਚੀ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਸੱਤ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ। ਟਿਕਟਾਂ ਦੀ ਵੰਡ ਤੋਂ ਬਾਅਦ ਕਈ ਹਲਕਿਆਂ ਵਿੱਚ ਪਾਰਟੀ ਆਗੂਆਂ ਦੀ ਨਾਰਾਜ਼ਗੀ ਸਾਹਮਣੇ ਆ ਰਹੀ ਹੈ।

ਰਾਜਾਸਾਂਸੀ ਤੋਂ ਤਿੰਨ ਸੀਨੀਅਰ ਆਗੂਆਂ ਨੇ ਦਿੱਤੇ ਅਸਤੀਫ਼ੇ

ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਟਿਕਟ ਮਿਲਣ ਮਗਰੋਂ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਦੇ ਦਿੱਤਾ ਹੈ। ਰਾਜਾਸਾਂਸੀ ਦੇ ਹਲਕਾ ਇੰਚਾਰਜ ਰਾਜਬੀਰ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸੇ ਤਰ੍ਹਾਂ ‘ਆਪ’ ਦੇ ਅਨੁਸੂਚਿਤ ਜਾਤੀ ਵਿੰਗ ਦੇ ਹਲਕਾ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਜੋਟੀ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।

ਦੂਜੇ ਪਾਸੇ, ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਡਾ. ਚਰਨਜੀਤ ਸਿੰਘ ਵੀ ਪਾਰਟੀ ਦੇ ਫ਼ੈਸਲੇ ਤੋਂ ਨਾਰਾਜ਼ ਹਨ। ਪਾਰਟੀ ਨੇ ਚਮਕੌਰ ਸਾਹਿਬ ਹਲਕੇ ਤੋਂ ਉਨ੍ਹਾਂ ਦੀ ਥਾਂ ਜਸਵੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਹੈ। ਡਾ. ਚਰਨਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ। ਹਾਲਾਂਕਿ, ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਜਾਂ ਕਿਸੇ ਹੋਰ ਪਾਰਟੀ ਵੱਲੋਂ, ਇਸ ਬਾਰੇ ਉਨ੍ਹਾਂ ਹਾਲੇ ਆਪਣੇ ਪੱਤੇ ਨਹੀਂ ਖੋਲ੍ਹੇ ਹਨ।

ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਟਿਕਟ ਕੱਟੇ ਜਾਣ ਮਗਰੋਂ ਹਾਲੇ ਚੁੱਪ ਹਨ। ਉੱਧਰ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਰਟੀ ਦੇ ਫ਼ੈਸਲੇ ਨੂੰ ਸਵੀਕਾਰ ਕਰ ਲਿਆ ਹੈ। ਜੇਲ੍ਹ ਵਿੱਚ ਬੰਦ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਵੀ ਟਿਕਟਾਂ ਦੇ ਐਲਾਨ ਤੋਂ ਪਹਿਲਾਂ ਹੀ ਚੋਣ ਨਾ ਲੜਨ ਦੀ ਗੱਲ ਕਹਿ ਦਿੱਤੀ ਸੀ।

ਅਨਮੋਲ ਗਗਨ ਮਾਨ ਨੇ ਕਿਹਾ, ਖ਼ੁਦ ਚੋਣ ਨਾ ਲੜਨ ਦਾ ਲਿਆ ਸੀ ਫ਼ੈਸਲਾ

ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਕਿਹਾ ਕਿ ਉਹ 5 ਅਗਸਤ 2026 ਨੂੰ ਦੁਪਹਿਰ 12 ਵਜੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਚੋਣ ਨਾ ਲੜਨ ਬਾਰੇ ਦੱਸ ਚੁੱਕੇ ਸਨ। ਉਨ੍ਹਾਂ ਮੁਤਾਬਕ, ਤਿੰਨ ਦਿਨ ਪਹਿਲਾਂ ਵੀ ਕੇਜਰੀਵਾਲ ਨੇ ਫੋਨ ਕਰਕੇ ਉਨ੍ਹਾਂ ਤੋਂ ਚੋਣ ਲੜਨ ਬਾਰੇ ਪੁੱਛਿਆ ਸੀ, ਪਰ ਉਨ੍ਹਾਂ ਇਨਕਾਰ ਕਰ ਦਿੱਤਾ ਸੀ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।

ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਅਜਿਹੇ ਵਿੱਚ ਪਾਰਟੀ ਨੂੰ ਚਿੰਤਾ ਹੈ ਕਿ ਟਿਕਟ ਨਾ ਮਿਲਣ ਦੀ ਸੂਰਤ ਵਿੱਚ ਹੋਰ ਆਗੂ ਵੀ ਦੂਜੀਆਂ ਪਾਰਟੀਆਂ ਦਾ ਰੁਖ਼ ਕਰ ਸਕਦੇ ਹਨ। ਇਸ ਕਾਰਨ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਦੌਰਾਨ ਸਾਵਧਾਨੀ ਵਰਤੀ ਜਾ ਰਹੀ ਹੈ।

ਚੱਬੇਵਾਲ ਪਰਿਵਾਰ ਨੂੰ ਮਿਲੀਆਂ ਦੋ ਟਿਕਟਾਂ

ਇੱਕ ਪਾਸੇ ਜਿੱਥੇ ਟਿਕਟਾਂ ਦੀ ਵੰਡ ਨੂੰ ਲੈ ਕੇ ਪਾਰਟੀ ਵਿੱਚ ਨਾਰਾਜ਼ਗੀ ਹੈ, ਉੱਥੇ ਹੀ ਚੱਬੇਵਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਪਰਿਵਾਰ ਨੂੰ ਦੋ ਟਿਕਟਾਂ ਮਿਲੀਆਂ ਹਨ। ਇਸ਼ਾਂਕ ਚੱਬੇਵਾਲ ਨੂੰ ਮੁੜ ਚੱਬੇਵਾਲ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਉਨ੍ਹਾਂ ਦੇ ਪਿਤਾ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ।

ਉੱਧਰ, ਜਗਰਾਉਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਨੂੰ ਤੀਜੀ ਵਾਰ ਟਿਕਟ ਮਿਲਣ ’ਤੇ ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਹੈ। ਜਿਨ੍ਹਾਂ ਹਲਕਿਆਂ ਲਈ ਹਾਲੇ ਉਮੀਦਵਾਰਾਂ ਦਾ ਐਲਾਨ ਨਹੀਂ ਹੋਇਆ, ਉੱਥੇ ਟਿਕਟ ਦੇ ਚਾਹਵਾਨਾਂ ਦੀਆਂ ਨਜ਼ਰਾਂ ਪਾਰਟੀ ਦੇ ਅਗਲੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ। ਸਭ ਤੋਂ ਵੱਧ ਚੁਣੌਤੀ ਉਨ੍ਹਾਂ ਹਲਕਿਆਂ ਵਿੱਚ ਹੈ, ਜਿੱਥੇ ਮੌਜੂਦਾ ਵਿਧਾਇਕਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਜਾਣਾ ਹੈ।

Latest News