ਪਟਿਆਲਾ, 19 ਨਵੰਬਰ (ਪੀ ਐੱਸ ਗਰੇਵਾਲ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5475 ਮਰੀਜਾਂ ਦੇ ਹੁਣ ਤੱਕ ਇਲਾਜ ਨਾਲ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚੋਂ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਇਲਾਜ ਦਾ ਲਾਭ ਦੇਣ ਸਬੰਧੀਂ ਜਾਇਜ਼ਾ ਲੈਣ ਮੌਕੇ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਫ਼ਲੈਗ਼ਸ਼ਿਪ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਸਰਕਾਰੀ ਅਤੇ ਸਰਕਾਰ ਦੇ ਇੰਪੈਨਲਡ ਹਸਪਤਾਲਾਂ ਵਿੱਚ ਲੋੜਵੰਦ ਲੋਕਾਂ ਦੇ ਇਲਾਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੇ ਈ ਕਾਰਡ ਕਾਮਨ ਸਰਵਿਸ ਸੈਂਟਰਾਂ ਅਤੇ ਹਸਪਤਾਲਾਂ ਵਿਖੇ ਬਣਵਾਉਣ ਲਈ ਸਿਹਤ ਵਿਭਾਗ ਨੂੰ ਇਹ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਸਕੀਮ ਤਹਿਤ ਹੁਣ ਤੱਕ 5475 ਮਰੀਜਾਂ ਦੇ ਇਲਾਜ ਦੌਰਾਨ 53 ਮਰੀਜਾਂ ਦੇ ਦਿਲ ਦੇ ਉਪਰੇਸ਼ਨ ਕੀਤੇ ਗਏ ਅਤੇ 24 ਜਣਿਆਂ ਨੇ ਗੋਡੇ ਬਦਲਵਾਏ। ਇਸ ਤਰ੍ਹਾਂ 2.49 ਕਰੋੜ ਰੁਪਏ ਦਾ ਲਾਭ ਜ਼ਿਲ੍ਹੇ ਦੇ ਲਾਭਪਾਤਰੀ ਮਰੀਜਾਂ ਨੂੰ ਹੁਣ ਤੱਕ ਉਪਲਬਦ ਕਰਵਾਇਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਲਾਭਪਾਤਰੀ ਈ ਕਾਰਡ ਹਾਸਲ ਕਰਨ ਉਪਰੰਤ ਹੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦਾ ਹੱਕਦਾਰ ਹੋਵੇਗਾ ਅਤੇ ਇਸ ਪ੍ਰਤੀ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਜਾਗਰੂਕਤਾ ਲਈ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਕਿ ਲੋਕ ਕਾਮਨ ਸੇਵਾ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਜਾ ਕੇ ਆਪਣੇ ਈ ਕਾਰਡ ਬਣਵਾ ਸਕਣ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕ ਇਸ ਸਿਹਤ ਬੀਮਾ ਯੋਜਨਾਂ ਦਾ ਲਾਭ ਹਾਸਲ ਕਰ ਸਕਣ।ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਫਲੈਗਸ਼ਿਪ ਸਕੀਮ ਦੀ ਸ਼ੁਰੂਆਤ 20 ਅਗਸਤ 2019 ਨੂੰ ਕੀਤੀ ਸੀ। ਕੇਂਦਰ ਸਰਕਾਰ ਨੇ ਐਸ.ਈ.ਸੀ.ਸੀ. ਜਨਗਣਨਾ 2011 ਦੇ ਅੰਕੜਿਆਂ ਦੇ ਅਧਾਰ 'ਤੇ ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਸੀ ਜਦੋਂਕਿ ਮੁੱਖ ਮੰਤਰੀ ਨੇ ਇਸ ਭਲਾਈ ਸਕੀਮ ਦੇ ਲਾਭ ਦਾ ਘੇਰਾ ਵਧਾਉਂਦਿਆਂ 5 ਹੋਰ ਵਰਗਾਂ ਨੂੰ ਸ਼ਾਮਲ ਕਰਨ ਦੀ ਪ੍ਰਵਾਨਗੀ ਦਿੱਤੀ, ਜਿਨ੍ਹਾਂ 'ਚ ਸਮਾਰਟ ਰਾਸ਼ਨ ਕਾਰਡ ਧਾਰਕ, ਛੋਟੇ ਵਪਾਰੀ, ਜੇ ਫਾਰਮ ਧਾਰਕ ਕਿਸਾਨ, ਛੋਟੇ ਤੇ ਸੀਮਾਂਤ ਕਿਸਾਨ ਅਤੇ ਐਕਰੀਡੀਏਟਡ ਅਤੇ ਪੀਲਾ ਕਾਰਡ ਧਾਰਕ ਪੱਤਰਕਾਰ ਵੀ ਸ਼ਾਮਲ ਹਨ।