ਮਿਸ਼ਨ ਤੰਦਰੁਸਤ ਤਹਿਤ ਪੀਣ ਵਾਲੇ ਪਾਣੀ ਦੇ ਲਏ ਸੈਂਪਲ

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਇਹ ਜਾਣਕਾਰੀ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਰਾਜੀਵ ਕੁਮਾਰ ਨੇ ਦਿੱਤੀ। ਉਪ ਮੰਡਲ ਇੰਜੀਨੀਅਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਮ ਲੋਕਾਂ ਨੂੰ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜਿਥੇ ਪਿੰਡ ਵਾਸੀਆਂ ਨੂੰ ਹਮੇਸ਼ਾਂ ਸ਼ੁੱਧ ਪਾਣੀ ਪੀਣ ਲਈ ਪ੍ਰੇਰਿਤ ਵੀ ਕੀਤਾ ਗਿਆ ਉਥੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਾ ਕਰਨ, ਪਾਣੀ ਦੇ ਕੁਨੈਕਸ਼ਨਾਂ ਦੀਆਂ ਟੂਟੀਆਂ ਲਗਾਉਣ ਅਤੇ ਟੁੱਲੂ ਪੰਪ ਨਾ ਲਗਾਉਣ ਲਈ ਕਿਹਾ ਗਿਆ। ਇਸ ਦੌਰਾਨ ਉਪ ਮੰਡਲ ਇੰਜੀਨੀਅਰ ਸ੍ਰੀ ਰਾਜੀਵ ਕੁਮਾਰ ਨੇ ਲੋਕਾਂ ਨੂੰ ਖੁੱਲ੍ਹੇ ਵਿੱਚ ਪਖਾਨਾ ਨਾ ਜਾਣ ਬਾਰੇ ਵੀ ਸੁਚੇਤ ਕਰਦਿਆ ਕਿਹਾ ਕਿ ਖੁੱਲ੍ਹੇ ਵਿੱਚ ਪਖਾਨੇ ਜਾਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਸਥਾਨਾਂ 'ਤੇ ਪੂਰੀ ਤਰ੍ਹਾਂ ਸਾਫ਼-ਸਫਾਈ ਰੱਖਣ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਪਿੰਡ ਦੇ ਕਈ ਪਤਵੰਤੇ ਅਤੇ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।