ਕਣਕ ਦੀ ਬਿਜਾਈ ’ਤੇ ਸੰਕਟ: ਮਾਲਵੇ ’ਚ DAP ਖਾਦ, ਨਹਿਰੀ ਪਾਣੀ ਤੇ ਸੁਧਰੇ ਬੀਜ ਦੀ ਘਾਟ
- ਪੰਜਾਬ
- (Asia/Kolkata)
ਮਾਲਵਾ ਖੇਤਰ ਵਿੱਚ ਡੀ ਏ ਪੀ ਖਾਦ, ਨਹਿਰੀ ਪਾਣੀ ਅਤੇ ਸਬਸਿਡੀ ਵਾਲਾ ਸੁਧਰਿਆ ਬੀਜ ਨਾ ਮਿਲਣ ਕਾਰਨ ਕਣਕ ਦੀ ਬਿਜਾਈ ਪੱਛੜਨ ਦਾ ਖ਼ਦਸ਼ਾ ਹੈ। ਕਣਕ ਦੀ ਬਿਜਾਈ ਲਈ ਨਹਿਰੀ ਪਾਣੀ ਤੋਂ ਇਲਾਵਾ ਡੀ ਏ ਪੀ ਖਾਦ ਅਤੇ ਬੀਜ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਪਰ ਇਸ ਵਾਰ ਕਿਸਾਨਾਂ ਨੂੰ ਇਨ੍ਹਾਂ ਤਿੰਨਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਕਣਕ ਦੀ ਬਿਜਾਈ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਸਲਾਹ ਦਿੱਤੀ ਹੈ।
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਅੱਧ ਨਵੰਬਰ ਤੋਂ ਬਾਅਦ ਬੀਜੀ ਗਈ ਕਣਕ ਦਾ ਨਾ ਸਿਰਫ਼ ਝਾੜ ਘਟਦਾ ਹੈ, ਸਗੋਂ ਇਸ ਦੀ ਗੁਣਵੱਤਾ ’ਤੇ ਵੀ ਅਸਰ ਪੈਂਦਾ ਹੈ। ਉੱਧਰ, ਸਰਕਾਰ ਦੇ ਪ੍ਰਬੰਧਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿੱਚ ਉਤਰ ਆਈਆਂ ਹਨ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਸੇਵਾਮੁਕਤ ਵਿਗਿਆਨੀ ਡਾ. ਜੀ ਐੱਸ ਰੋਮਾਣਾ ਨੇ ਕਿਹਾ ਕਿ ਚੰਗਾ ਝਾੜ ਲੈਣ ਲਈ ਕਣਕ ਦੀ ਬਿਜਾਈ ਸਮੇਂ ਸਿਰ ਕਰਨੀ ਬੇਹੱਦ ਜ਼ਰੂਰੀ ਹੈ। ਜੇਕਰ ਬਿਜਾਈ ਪੱਛੜ ਜਾਂਦੀ ਹੈ ਤਾਂ ਦੇਰੀ ਦੇ ਅਨੁਸਾਰ ਝਾੜ ਲਗਾਤਾਰ ਘਟਦਾ ਜਾਂਦਾ ਹੈ। ਉਨ੍ਹਾਂ ਮੁਤਾਬਕ ਨਵੰਬਰ ਦਾ ਪਹਿਲਾ ਪੰਦਰਵਾੜਾ ਕਣਕ ਦੀ ਬਿਜਾਈ ਲਈ ਸਭ ਤੋਂ ਢੁੱਕਵਾਂ ਹੈ, ਜਦਕਿ ਕਣਕ ਦੀਆਂ ਲੰਮੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਬਿਜਾਈ ਅਕਤੂਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਕਰ ਦੇਣੀ ਚਾਹੀਦੀ ਹੈ।
ਖੇਤੀ ਵਿਭਾਗ ਦੇ ਮਾਨਸਾ ਸਥਿਤ ਜ਼ਿਲ੍ਹਾ ਅਧਿਕਾਰੀ ਡਾ. ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮਾਲਵਾ ਪੱਟੀ ਵਿੱਚ ਹਾਲੇ ਵੀ ਕਾਫ਼ੀ ਰਕਬਾ ਕਣਕ ਦੀ ਬਿਜਾਈ ਤੋਂ ਰਹਿੰਦਾ ਹੈ। ਉੱਧਰ, ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਸਮੇਂ ਸਿਰ ਲੋੜੀਂਦਾ ਨਹਿਰੀ ਪਾਣੀ ਨਹੀਂ ਛੱਡਿਆ ਗਿਆ ਅਤੇ ਨਾ ਹੀ ਡੀ ਏ ਪੀ ਖਾਦ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਵਿੱਚ ਕਣਕ ਦਾ ਸੁਧਰਿਆ ਬੀਜ ਵੀ ਲੋੜ ਨਾਲੋਂ ਅੱਧਾ ਹੀ ਪਹੁੰਚਿਆ ਹੈ।
ਮਾਮਲੇ ਦੇ ਹੱਲ ਲਈ ਸਰਕਾਰ ਗੰਭੀਰ: ਬਣਾਂਵਾਲੀ
ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੀ ਏ ਪੀ ਖਾਦ ਅਤੇ ਬੀਜਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਮੁਤਾਬਕ ਡੀ ਏ ਪੀ ਖਾਦ ਅਤੇ ਬੀਜ ਸਹਿਕਾਰੀ ਸਭਾਵਾਂ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ।