Punjab Infoline

ਪੰਜਾਬੀ

ਪੰਜਾਬ ਸਰਕਾਰ ਵੱਲੋਂ 56 ਨਵੀਆਂ ਨਿਯੁਕਤੀਆਂ, ਜਲ ਸਪਲਾਈ ਵਿਭਾਗ ਦੇ 54 ਅਤੇ ਪੁੱਡਾ ਦੇ 2 ਮੁਲਾਜ਼ਮਾਂ ਨੂੰ ਮਿਲੇ ਨਿਯੁਕਤੀ ਪੱਤਰ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

25 Nov, 2026 06:57 PM

Punjab Government Jobs: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 54 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੈਰਿਟ ਦੇ ਆਧਾਰ 'ਤੇ ਚੁਣੇ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ 46 ਬਲਾਕ ਰਿਸੋਰਸ ਕੋਆਰਡੀਨੇਟਰ, ਪੰਜ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਤਿੰਨ ਆਈ.ਈ.ਸੀ. ਸਪੈਸ਼ਲਿਸਟ ਸ਼ਾਮਲ ਹਨ। ਇਸ ਤੋਂ ਇਲਾਵਾ ਪੁੱਡਾ ਵਿੱਚ ਵੀ ਦੋ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਮੁਲਾਜ਼ਮਾਂ ਦੇ ਵਿਭਾਗ ਵਿੱਚ ਸ਼ਾਮਲ ਹੋਣ ਨਾਲ ਵਿਭਾਗੀ ਪਰਿਵਾਰ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗ ਅਤੇ ਹੱਕਦਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਨਵੇਂ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਦੀ ਅਪੀਲ

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸੇਵਾ ਇੱਕ ਅਹਿਮ ਜ਼ਿੰਮੇਵਾਰੀ ਹੈ ਅਤੇ ਸਾਰੇ ਮੁਲਾਜ਼ਮਾਂ ਨੂੰ ਆਪਣੇ ਅਹੁਦਿਆਂ ਦੀ ਮਰਿਆਦਾ ਕਾਇਮ ਰੱਖਦਿਆਂ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਵੇਂ ਮੁਲਾਜ਼ਮ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੇ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਨੇ ਨਵੇਂ ਮੁਲਾਜ਼ਮਾਂ ਦਾ ਵਿਭਾਗ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਮੁਲਾਜ਼ਮ ਅੱਜ ਤੋਂ ਵਿਭਾਗੀ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹਨ।

ਉਨ੍ਹਾਂ ਮੁਲਾਜ਼ਮਾਂ ਨੂੰ ਪੂਰੀ ਲਗਨ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਅਤੇ ਵਿਭਾਗ ਦੇ ਉਦੇਸ਼ਾਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਅਤੇ ਲੋਕਾਂ ਤੱਕ ਬਿਹਤਰ ਸੇਵਾਵਾਂ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਸਮਰਪਿਤ ਭੂਮਿਕਾ ਬਹੁਤ ਅਹਿਮ ਹੈ।

ਪੁੱਡਾ ਵਿੱਚ ਵੀ ਦੋ ਮੁਲਾਜ਼ਮਾਂ ਨੂੰ ਮਿਲੇ ਨਿਯੁਕਤੀ ਪੱਤਰ

ਇਸ ਤੋਂ ਇਲਾਵਾ ਪੁੱਡਾ ਭਵਨ ਵਿਖੇ ਕਰਵਾਏ ਗਏ ਇੱਕ ਵੱਖਰੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ 'ਤੇ ਨਿਯੁਕਤੀ ਨੀਤੀ ਤਹਿਤ ਪੁੱਡਾ ਵਿੱਚ ਭਰਤੀ ਕੀਤੇ ਗਏ ਦੋ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ।

Latest News