ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਗ੍ਰਿਫ਼ਤਾਰ, ਹੈਂਡ ਗ੍ਰਨੇਡ, ਪਿਸਤੌਲ ਅਤੇ 3.4 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ:ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਾਬਾਲਗਾਂ ਸਣੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲਾਂ, 29 ਜ਼ਿੰਦਾ ਕਾਰਤੂਸ ਅਤੇ 3.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਬਿਨਾਂ ਰਜਿਸਟ੍ਰੇਸ਼ਨ ਵਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਅਨੁਸਾਰ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਦੇ ਇਸ਼ਾਰੇ 'ਤੇ ਹਥਿਆਰਾਂ ਦੀ ਤਸਕਰੀ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਪੁਲਿਸ ਵੱਲੋਂ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਹਿਲੀ ਕਾਰਵਾਈ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ
ਪਹਿਲੀ ਕਾਰਵਾਈ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੈ (28), ਵਾਸੀ ਮੁੱਢ ਖੋਖਰ, ਅਤੇ ਰੌਬਿਨ ਮਸੀਹ ਉਰਫ਼ ਨੋਨੀ (22), ਵਾਸੀ ਸੁਲਤਾਨਵਿੰਡ ਵਜੋਂ ਹੋਈ ਹੈ।
ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਜੈ ਨੇ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰੇ 'ਤੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।
ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਮਾਨਾਵਾਲਾ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ। ਇਸ ਦੌਰਾਨ ਸਪਲੈਂਡਰ ਮੋਟਰਸਾਈਕਲ 'ਤੇ ਜਾ ਰਹੇ ਅਜੈ ਅਤੇ ਉਸਦੇ ਸਾਥੀ ਰੌਬਿਨ ਮਸੀਹ ਨੂੰ ਕਾਬੂ ਕਰ ਲਿਆ ਗਿਆ। ਮੋਟਰਸਾਈਕਲ ਦੇ ਪਿੱਛੇ ਬੈਠੇ ਅਜੈ ਕੋਲੋਂ ਮਿਲੇ ਬੈਗ ਦੀ ਤਲਾਸ਼ੀ ਦੌਰਾਨ ਲਗਭਗ 3.4 ਕਿਲੋ ਹੈਰੋਇਨ, ਇੱਕ .30 ਬੋਰ ਪਿਸਤੌਲ ਅਤੇ 19 ਜ਼ਿੰਦਾ ਕਾਰਤੂਸ ਬਰਾਮਦ ਹੋਏ।
ਤਿੰਨ ਨਾਬਾਲਗਾਂ ਸਮੇਤ ਪੰਜ ਹੋਰ ਵਿਅਕਤੀ ਕਾਬੂ
ਦੂਜੀ ਕਾਰਵਾਈ ਵਿੱਚ ਤਿੰਨ 17 ਸਾਲਾ ਨਾਬਾਲਗਾਂ ਸਮੇਤ ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (18), ਦੋਵੇਂ ਵਾਸੀ ਲੋਪੋਂਕੇ, ਨੂੰ ਗ੍ਰਿਫ਼ਤਾਰ ਕੀਤਾ ਗਿਆ।
ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੁਸਹਿਰੇ ਦੇ ਤਿਉਹਾਰ ਮੌਕੇ ਗਸ਼ਤ ਕਰ ਰਹੀ ਸੀਆਈਏ ਅਤੇ ਥਾਣਾ ਲੋਪੋਕੇ ਦੇ ਐਸਐਚਓ ਦੀ ਸਾਂਝੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲਾ ਇੱਕ ਵਿਅਕਤੀ ਸਥਾਨਕ ਨੌਜਵਾਨਾਂ ਰਾਹੀਂ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਖੇਪਾਂ ਭੇਜ ਰਿਹਾ ਹੈ।
ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਚੈਕਿੰਗ ਦੌਰਾਨ ਗਰੁੱਪ ਨੂੰ ਹਿਰਾਸਤ ਵਿੱਚ ਲਿਆ। ਮੁਲਜ਼ਮਾਂ ਕੋਲੋਂ ਇੱਕ ਜ਼ਿੰਦਾ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਅਜੈ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਮਾਮਲੇ
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਅਜੈ ਨਸ਼ੇ ਦਾ ਆਦੀ ਹੈ ਅਤੇ ਉਸਦਾ ਅਪਰਾਧਿਕ ਰਿਕਾਰਡ ਵੀ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਚਾਰ ਮਾਮਲੇ ਅਤੇ ਅਸਲਾ ਐਕਟ ਤਹਿਤ ਇੱਕ ਮਾਮਲਾ ਦਰਜ ਹੈ।
ਇਸ ਮਾਮਲੇ ਵਿੱਚ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਐਫਆਈਆਰ ਨੰਬਰ 204, ਮਿਤੀ 19.10.2026, ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 25 ਤਹਿਤ ਥਾਣਾ ਚਾਟੀਵਿੰਡ ਵਿਖੇ ਦਰਜ ਕੀਤੀ ਗਈ ਹੈ। ਦੂਜੀ ਐਫਆਈਆਰ ਨੰਬਰ 334, ਮਿਤੀ 20.10.2026, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਥਾਣਾ ਲੋਪੋਕੇ ਵਿਖੇ ਦਰਜ ਕੀਤੀ ਗਈ ਹੈ।
ਪੁਲਿਸ ਅਨੁਸਾਰ, ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਦੇ ਕਥਿਤ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।